ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਰਾਜ ਵਿਚ ਵੱਧ ਰਹੀ ਗਰਮੀ ਕਾਰਨ ਜਿੱਥੇ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਓਥੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਵੀ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਨੇ ਕਿਹਾ ਕਿ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ-ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ | ਜੇਕਰ ਹੋ ਸਕੇ ਤਾਂ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖ਼ਰਬੂਜ਼ਾ, ਸੰਤਰਾ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ | ਤਿੱਖੀ ਧੁੱਪ ਤੋਂ ਬਚਣ ਲਈ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ | ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਕੁੱਝ ਸਮਾਂ ਠੰਢੀ ਥਾਂ ਜਾਂ ਛਾਂ ਹੇਠ ਬੈਠਿਆ ਜਾਵੇ | ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਏ ਜਾਣ | ਉਨ੍ਹਾਂ ਦੱਸਿਆ ਕਿ ਨਵਜੰਮੇ ਬੱਚਿਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਰੂਪ ਵਿਚ ਬਿਮਾਰ ਲੋਕਾਂ, ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ, ਮਜ਼ਦੂਰਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ ਅਤੇ ਗਰਭਵਤੀ ਅÏਰਤਾਂ ਨੂੰ ਗਰਮੀ ਲੱਗਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ, ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਅÏਰਤਾਂ ਦਾ ਖ਼ਾਸ ਧਿਆਨ ਰੱਖਿਆ ਜਾਵੇ | ਉਨ੍ਹਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢੱਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ | ਜੋ ਲੋਕ ਧੁੱਪ ਵਿਚ ਕੰਮ ਕਰਦੇ ਹਨ, ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜ੍ਹੀ ਦੇਰ ਬਾਅਦ ਛਾਂ ਵਿਚ ਆਰਾਮ ਕਰਨ ਜਾਂ ਸਿਰ 'ਤੇ ਗਿੱਲਾ ਤੋਲੀਆ ਜਾਂ ਕੱਪੜਾ ਜ਼ਰੂਰ ਰੱਖਣ | ਜ਼ਿਲ੍ਹਾ ਐਪੀਡੋਮੋਲੋਜਿਸਟ ਡਾ.ਸੁਨੀਤਾ ਕੰਬੋਜ ਨੇ ਦੱਸਿਆ ਕਿ ਗਰਮੀ ਲੱਗਣ ਨਾਲ ਸਰੀਰ ਤੇ ਪਿੱਤ, ਚੱਕਰ ਆਉਣੇ, ਬਹੁਤ ਪਸੀਨਾ ਆਉਣਾ 'ਤੇ ਥਕਾਨ ਹੋਣਾ, ਸਿਰ ਦਰਦ 'ਤੇ ਉਲਟੀਆਂ ਲੱਗਣੀਆਂ, ਚਮੜੀ ਦਾ ਲਾਲ ਹੋਣਾ ਅਤੇ ਖ਼ੁਸ਼ਕ ਹੋਣਾ, ਬੇਚੈਨੀ, ਚਿੜਚਿੜਾਪਣ, ਦਿਲ ਦੀ ਧੜਕਣ ਦਾ ਵਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਕਈ ਵਾਰੀ ਗਰਮੀ ਲੱਗਣ ਨਾਲ ਮਾਸਪੇਸ਼ੀਆਂ ਵਿਚ ਵੀ ਕਮਜ਼ੋਰੀ ਆ ਜਾਂਦੀ ਹੈ | ਜਿਸ ਨਾਲ ਵਿਅਕਤੀ ਥੋੜ੍ਹਾ ਜਿਹਾ ਕੰਮ ਕਰਨ 'ਤੇ ਵੀ ਬਹੁਤ ਜ਼ਿਆਦਾ ਥਕਾਨ ਮਹਿਸੂਸ ਕਰਦਾ ਹੈ | ਉਨ੍ਹਾਂ ਕਿਹਾ ਕਿ ਗਰਮੀ ਦੇ ਸਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲ੍ਹੀਆਂ ਰੱਖੋ | ਸਿਗਰਟ ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ | ਚਾਹ, ਕਾਫ਼ੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕੀਤਾ ਜਾਵੇ | ਗਰਮੀ ਦੇ ਮੌਸਮ ਵਿਚ ਕੜਕਦੀ ਧੁੱਪ ਵਿਚ ਲੇਬਰ ਦਾ ਕੰਮ ਕਰ ਰਹੇ ਵਿਅਕਤੀਆਂ ਵਿਚ ਕਈ ਵਾਰੀ ਹੀਟ ਸਟੋ੍ਰਕ ਦੀ ਪ੍ਰੇਸ਼ਾਨੀ ਆਉਂਦੀ ਹੈ, ਜੋ ਕਿ ਜਾਨ ਲੇਵਾ ਵੀ ਹੋ ਸਕਦੀ ਹੈ | ਇਸ ਲਈ ਕੜਕਦੀ ਧੁੱਪ 'ਚ ਲੰਮੇ ਸਮੇਂ ਕੰਮ ਤੋਂ ਗੁਰੇਜ਼ ਕੀਤਾ ਜਾਵੇ | ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿਚ ਨਾ ਛੱਡੋ | ਜ਼ਰੂਰਤ ਪੈਣ ਤੇ ਐਂਬੂਲੈਂਸ ਸੇਵਾ ਲਈ ਟੋਲ ਫ਼ਰੀ ਨੰਬਰ 108 ਅਤੇ ਸਿਹਤ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫ਼ਰੀ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ, ਰੋਹਿਤ ਆਦਿ ਮੌਜੂਦ ਸਨ |