ਫ਼ਾਜ਼ਿਲਕਾ, 20 ਮਈ (ਦਵਿੰਦਰ ਪਾਲ ਸਿੰਘ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ 'ਗਾਡਵਿਨ ਪਬਲਿਕ ਸਕੂਲ ਘੱਲੂ' ਵਿਖੇ ਸੀਟੀ ਯੂਨੀਵਰਸਿਟੀ ਲੁਧਿਆਣਾ ਵਲੋਂ 'ਸ਼ਾਈਨਿੰਗ ਸਟਾਰ' ਪ੍ਰੋਗਰਾਮ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ | ਇਸ ਦੌਰਾਨ ਯੂਨੀਵਰਸਿਟੀ ਵਲੋਂ ਪਹੁੰਚੀ ਟੀਮ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਤਹਿਤ ਫਾਊਾਡੇਸ਼ਨ ਕੋਰਸਾਂ ਸਮੇਤ ਵੱਖ-ਵੱਖ ਪੇਸ਼ੇਵਾਰ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਸੀਟੀ ਯੂਨੀਵਰਸਿਟੀ ਤੋਂ ਪਹੁੰਚੇ ਉਮੇਸ਼ ਕੁਮਾਰ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੂਰੇ ਪੰਜਾਬ ਵਿਚ 'ਸ਼ਾਈਨਿੰਗ ਸਟਾਰ' ਮੁਹਿੰਮ ਚਲਾਈ ਜਾ ਰਹੀ ਹੈ | ਇਸ ਤਹਿਤ ਬਾਰ੍ਹਵੀਂ ਜਮਾਤ ਵਿਚ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦਾ ਹੌਸਲਾ ਵਧਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਲਾਹੇਵੰਦ ਰਹਿਣ ਵਾਲੇ ਉੱਚ ਕੋਰਸਾਂ ਬਾਰੇ ਜਾਗਰੂਕ ਕੀਤਾ ਜਾ ਸਕੇ | ਇਸ ਮੌਕੇ ਯੂਨੀਵਰਸਿਟੀ ਤੋਂ ਪਹੁੰਚੇ ਐਡਵੋਕੇਟ ਗੁਰਨੀਤ ਕੌਰ ਬਤਰਾ ਅਤੇ ਅਵਨੀਤ ਬਤਰਾ ਨੇ ਵੀ ਵਿਦਿਆਰਥੀਆਂ ਨਾਲ ਕਰੀਅਰ ਕੌਂਸਲਿੰਗ ਸਬੰਧੀ ਨੁਕਤੇ ਸਾਂਝੇ ਕੀਤੇ | ਸਕੂਲ ਦੀ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਸੀਟੀ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਸ਼ਾਈਨਿੰਗ ਸਟਾਰ' ਪ੍ਰੋਗਰਾਮ ਵਿਦਿਆਰਥੀਆਂ ਲਈ ਬੇਹੱਦ ਪ੍ਰੇਰਨਾਦਾਇਕ ਸਾਬਤ ਹੋਵੇਗਾ | ਇਸ ਨਾਲ ਬੱਚਿਆਂ ਨੂੰ ਆਪਣੇ ਭਵਿੱਖ ਅਤੇ ਕਰੀਅਰ ਦੀ ਚੋਣ ਕਰਨ ਵਿਚ ਵੱਡੀ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਅਜਿਹੇ ਸਕਾਰਾਤਮਿਕ ਪ੍ਰੋਗਰਾਮਾਂ ਨਾਲ ਬੱਚਿਆਂ ਦਾ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਅੰਦਰ ਅੱਗੇ ਵਧਣ ਦੀ ਭਾਵਨਾ ਪੈਦਾ ਹੁੰਦੀ ਹੈ | ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਦੇ ਦੌਰ ਵਿਚ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਕਰੀਅਰ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ | ਸੀਟੀ ਯੂਨੀਵਰਸਿਟੀ ਦੀ ਟੀਮ ਵਲੋਂ ਦਿੱਤੀ ਗਈ ਜਾਣਕਾਰੀ ਬੱਚਿਆਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿਚ ਲਾਹੇਵੰਦ ਸਿੱਧ ਹੋਵੇਗੀ | ਉਨ੍ਹਾਂ ਪ੍ਰਸ਼ਾਸਨ ਅਤੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਗਾਡਵਿਨ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਜਿਹੇ ਗਿਆਨ ਵਰਧਕ ਪ੍ਰੋਗਰਾਮ ਕਰਵਾਉਂਦਾ ਰਹੇਗਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਸੀਟੀ ਯੂਨੀਵਰਸਿਟੀ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਸ ਕੌਂਸਲਿੰਗ ਅਤੇ ਸਨਮਾਨ ਸਮਾਰੋਹ ਦਾ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ | ਪ੍ਰੋਗਰਾਮ ਦੇ ਅਖੀਰ ਵਿਚ ਯੂਨੀਵਰਸਿਟੀ ਅਤੇ ਸਕੂਲ ਪ੍ਰਬੰਧਕਾਂ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ ਗਿਆ |