ਅਬੋਹਰ, 21 ਮਈ (ਵਿਵੇਕ ਹੂੜੀਆ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਕਾਫ਼ੀ ਤੇਜ਼ ਕਰ ਦਿੱਤਾ ਗਿਆ ਹੈ | ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਲਗਾਤਾਰ ਜਨਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਕੜੀ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਵਾਰਡ ਨੰਬਰ 5 ਅਤੇ ਵਾਰਡ ਨੰਬਰ 7 ਵਿਚ ਪਾਰਟੀ ਉਮੀਦਵਾਰਾਂ ਦੇ ਪੱਖ ਵਿਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਪਾਰਟੀ ਪ੍ਰਤੀਨਿਧਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਅਰੁਣ ਨਾਰੰਗ ਨੇ ਵਾਰਡ ਨੰਬਰ 5 ਤੋਂ ਪਾਰਟੀ ਉਮੀਦਵਾਰ ਰਮੇਸ਼ ਕੁਮਾਰ ਨਿਆਮਤ ਅਤੇ ਵਾਰਡ ਨੰਬਰ 7 ਤੋਂ ਉਮੀਦਵਾਰ ਰੌਸ਼ਨ ਮਲਹਾ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਮੌਜੂਦ ਸਨ | ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਨੇ ਪਾਰਟੀ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਵਿਕਾਸ ਅਤੇ ਲੋਕ ਸੇਵਾ ਦੀ ਰਾਜਨੀਤੀ ਕਰਦੀ ਆਈ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਸੋਚ ਸਾਫ਼ ਤੇ ਪਾਰਦਰਸ਼ੀ ਹੈ ਅਤੇ ਨਗਰ ਨਿਗਮ ਵਿਚ ਵੀ ਜਨਤਾ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕੀਮਤੀ ਵੋਟ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਾ ਕੇ ਆਪਣੇ ਵਾਰਡ ਦਾ ਵਿਕਾਸ ਯਕੀਨੀ ਬਣਾਉਣ, ਕਿਉਂਕਿ ਉਮੀਦਵਾਰਾਂ ਦੀ ਜਿੱਤ ਵਿਚ ਹੀ ਜਨਤਾ ਦੀ ਜਿੱਤ ਛੁਪੀ ਹੋਈ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡਾਂ ਵਿਚ ਲੰਬੇ ਸਮੇਂ ਤੋਂ ਰੁਕੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾਵੇਗਾ | ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਸਾਫ਼-ਸਫ਼ਾਈ ਅਤੇ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ | ਇਸ ਤੋਂ ਇਲਾਵਾ ਜਨਤਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਗਮ ਪੱਧਰ 'ਤੇ ਵਿਸ਼ੇਸ਼ ਯਤਨ ਕੀਤੇ ਜਾਣਗੇ | ਪ੍ਰਚਾਰ ਦੌਰਾਨ ਅਰੁਣ ਨਾਰੰਗ ਨੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਨਕਲਿਆਣਕਾਰੀ ਯੋਜਨਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ | ਦੂਜੇ ਪਾਸੇ ਵਾਰਡ ਵਾਸੀਆਂ ਨੇ ਵੀ ਆਮ ਆਦਮੀ ਪਾਰਟੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਜਤਾਇਆ | ਲੋਕਾਂ ਦਾ ਕਹਿਣਾ ਸੀ ਕਿ ਉਹ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦਾ ਬੋਰਡ ਬਣਾ ਕੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ | ਪਾਰਟੀ ਵਰਕਰਾਂ ਨੇ ਦਾਅਵਾ ਕੀਤਾ ਕਿ ਇਸ ਵਾਰ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਜਨਤਾ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ |