ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਪਿਛਲੇ ਲਗਾਤਾਰ 17 ਦਿਨਾਂ ਤੋਂ ਚੱਲੀ ਆ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਬੀਤੇ ਦਿਨੀਂ ਖ਼ਤਮ ਹੋਣ ਦੇ ਐਲਾਨ ਤੋਂ ਬਾਅਦ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਖ਼ੁਦ ਨਗਰ ਕੌਂਸਲ ਦਫ਼ਤਰ ਵਿਖੇ ਹੜਤਾਲੀ ਸਫ਼ਾਈ ਸੇਵਕਾਂ ਦੇ ਵਿਚਕਾਰ ਪਹੁੰਚੇ | ਉਨ੍ਹਾਂ ਨੇ ਧਰਨੇ 'ਤੇ ਬੈਠੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਭਰੋਸੇ ਦਾ ਹਵਾਲਾ ਦਿੰਦਿਆਂ ਅਧਿਕਾਰਤ ਤੌਰ 'ਤੇ ਉਨ੍ਹਾਂ ਦੀ ਹੜਤਾਲ ਖ਼ਤਮ ਕਰਵਾਈ, ਜਿਸ ਨਾਲ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਸ਼ਹਿਰ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸਵਨਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਕਾਰਨ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੇ ਚੱਲਦਿਆਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਉਣ ਵਿਚ ਕੁੱਝ ਸਮਾਂ ਲੱਗ ਗਿਆ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਜਿਵੇਂ ਹੀ ਚੋਣ ਜ਼ਾਬਤਾ ਹਟੇਗਾ, ਉਨ੍ਹਾਂ ਦੀਆਂ ਮੰਨੀਆਂ ਹੋਈਆਂ ਸਾਰੀਆਂ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਵਾ ਦਿੱਤਾ ਜਾਵੇਗਾ | ਇਸ ਮੌਕੇ ਨਗਰ ਕੌਂਸਲ ਦੀ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਲਵਲੀ ਵਾਲਮੀਕੀ, ਫ਼ਤਿਹ ਚੰਦ ਬੋਹਤ ਅਤੇ ਹੋਰਨਾਂ ਆਗੂਆਂ ਨੇ ਵਿਧਾਇਕ ਸਵਨਾ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ | ਹੜਤਾਲ ਖ਼ਤਮ ਕਰਵਾਉਣ ਤੋਂ ਤੁਰੰਤ ਬਾਅਦ ਵਿਧਾਇਕ ਸਵਨਾ ਖ਼ੁਦ ਸਫ਼ਾਈ ਸੇਵਕਾਂ ਦੇ ਨਾਲ ਸ਼ਹਿਰ ਦੇ ਵੱਖ-ਵੱਖ ਕੂੜਾ ਡੰਪਿੰਗ ਸਟੇਸ਼ਨਾਂ 'ਤੇ ਪਹੁੰਚੇ ਅਤੇ ਸ਼ਹਿਰ ਵਿਚੋਂ ਕੂੜਾ ਚੁੱਕਣ ਅਤੇ ਇਸ ਦੇ ਨਿਪਟਾਰੇ ਦਾ ਕੰਮ ਸ਼ੁਰੂ ਕਰਵਾਇਆ | ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਉਹ ਮੁਲਾਜ਼ਮਾਂ ਤੇ ਜਨਤਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਤਤਪਰ ਹੈ |