ਫ਼ਾਜ਼ਿਲਕਾ, 22 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ, ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫ਼ਾਜ਼ਿਲਕਾ ਅਤੇ ਨਗਰ ਪੰਚਾਇਤ ਅਰਨੀ ਵਾਲਾ ਸ਼ੇਖ਼ ਸੁਭਾਨ ਦੀ ਹਦੂਦ ਅੰਦਰ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤ-2026 ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਨੂੰ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਤੁਰੰਤ ਬਾਅਦ ਚਲੇ ਜਾਣ ਅਤੇ ਪੋਲਿੰਗ ਖ਼ਤਮ ਹੋਣ ਤੱਕ ਨਗਰ ਨਿਗਮ , ਨਗਰ ਕੌਂਸਲ ਚੋਣਾ ਦੇ ਅਧਿਕਾਰ ਖੇਤਰ ਵਿਚ ਦਾਖਲ ਨਾ ਹੋਣ ਦਾ ਹੁਕਮ ਜਾਰੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿਚ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤਾਂ ਚੋਣਾ- 26 ਮਈ ਨੂੰ ਹੋਣ ਜਾ ਰਹੀਆਂ ਹਨ | ਇਸ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੇ ਸੈਕਸ਼ਨ 110 ਤਹਿਤ 48 ਵਿਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾ ਸਮਾਪਤ ਹੋਣ ਤੋਂ 48 ਘੰਟੇ ਪਹਿਲਾ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ | ਚੋਣਾ ਨੂੰ ਅਮਨ ਅਮਾਨ ਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਾਉਣ ਲਈ ਬਾਹਰੋਂ ਆਏ ਵਿਅਕਤੀਆਂ ਦਾ ਚੋਣ ਪ੍ਰਕਿਰਿਆ ਵਿਚ ਵਿਘਨ ਨਾ ਪਾਉਣ ਲਈ ਢੁਕਵੇਂ ਕਦਮ ਚੁੱਕੇ ਜਾਣੇ ਜ਼ਰੂਰੀ ਹਨ | ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਬਾਹਰੇ ਆਏ ਵਿਅਕਤੀ ਅਣਅਧਿਕਾਰਤ ਤੌਰ ਤੇ ਪੋਲਿੰਗ ਸਟੇਸ਼ਨ ਦੇ ਨਜ਼ਦੀਕ/ਆਲ਼ੇ ਦੁਆਲੇ ਨਾ ਆਉਣ | ਇਹ ਹੁਕਮ ਸਿਵਲ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ | ਇਹ ਹੁਕਮ 26 ਮਈ ਤੱਕ ਲਾਗੂ ਰਹਿਣਗੇ |