ਫ਼ਾਜ਼ਿਲਕਾ, 25 ਮਈ (ਦਵਿੰਦਰ ਪਾਲ ਸਿੰਘ)-ਗਰਾਮੀਣ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਦੇ ਰਹੇ ਮਨਰੇਗਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 'ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ' ਦਾ ਇਕ ਵਫ਼ਦ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਮਿਲਿਆ | ਇਸ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਵਿਧਾਇਕ ਸਵਨਾ ਨੂੰ ਇਕ ਮੰਗ ਪੱਤਰ ਸੌਂਪ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਦੀ ਗੁਹਾਰ ਲਗਾਈ | ਵਿਧਾਇਕ ਨੂੰ ਸੌਂਪੇ ਪੱਤਰ ਵਿਚ ਯੂਨੀਅਨ ਦੇ ਜਨਰਲ ਸਕੱਤਰ ਹਰਪਿੰਦਰ ਸਿੰਘ, ਉਪ ਪ੍ਰਧਾਨ ਗੁਰਪ੍ਰੀਤ ਸਿੰਘ, ਸੀਨੀਅਰ ਉਪ ਪ੍ਰਧਾਨ ਹਰਿੰਦਰਪਾਲ ਸਿੰਘ, ਵਿੱਤ ਸਕੱਤਰ ਰਮਨਦੀਪ ਸਿੰਘ, ਚੇਅਰਮੈਨ ਅਮਨਦੀਪ, ਐਡੀਟਰ ਈਸ਼ਵਰਪਾਲ ਸਿੰਘ, ਸਲਾਹਕਾਰ ਜਗਦੇਵ ਸਿੰਘ, ਪ੍ਰੈੱਸ ਸਕੱਤਰ ਅਮਰੀਕ ਸਿੰਘ ਅਤੇ ਗੁਰਦੀਪ ਦਾਸ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ ਇਸ ਸਮੇਂ ਕਰੀਬ 2100 ਮਨਰੇਗਾ ਕਰਮਚਾਰੀ ਪਿਛਲੇ 17-18 ਸਾਲਾਂ ਤੋਂ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ | ਇਨ੍ਹਾਂ ਸਾਰੇ ਕਰਮਚਾਰੀਆਂ ਦੀ ਭਰਤੀ ਸਾਲ 2008-2009 ਅਤੇ ਉਸ ਤੋਂ ਬਾਅਦ ਪਾਰਦਰਸ਼ੀ ਤਰੀਕੇ ਨਾਲ ਅਤੇ ਰੈਗੂਲਰ ਭਰਤੀ ਦੇ ਤੈਅ ਮਾਪਦੰਡਾਂ ਅਨੁਸਾਰ ਹੀ ਕੀਤੀ ਗਈ ਸੀ | ਯੂਨੀਅਨ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਨੂੰ ਰੈਗੂਲਰ ਨਾ ਕੀਤਾ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਦੂਜੇ ਪਾਸੇ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪ੍ਰਤੀਨਿਧ ਮੰਡਲ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਉਹ ਇਸ ਗੰਭੀਰ ਮਸਲੇ ਨੂੰ ਜਲਦੀ ਹੀ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਸਾਹਮਣੇ ਉਠਾਉਣਗੇ ਅਤੇ ਇਸ ਦਾ ਯੋਗ ਹੱਲ ਕਰਵਾਉਣ ਦਾ ਪੂਰਾ ਯਤਨ ਕਰਨਗੇ |