ਅਬੋਹਰ, 26 ਮਈ (ਵਿਵੇਕ ਹੂੜੀਆ)-ਨਗਰ ਨਿਗਮ ਚੋਣਾਂ ਦੌਰਾਨ ਪੁਰਾਣੀ ਫ਼ਾਜ਼ਿਲਕਾ ਰੋਡ ਸਥਿਤ ਦਾਣਾ ਮੰਡੀ ਦੇ ਸਾਹਮਣੇ ਵਾਰਡ ਨੰਬਰ 45 ਦੇ ਪੋਲਿੰਗ ਸਟੇਸ਼ਨ ਦੇ ਬਾਹਰ ਉਸ ਵੇਲੇ ਸਥਿਤੀ ਬੇਹੱਦ ਤਣਾਅਪੂਰਨ ਹੋ ਗਈ, ਜਦੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁੱਝ ਵਿਅਕਤੀਆਂ ਨੇ ਉੱਥੇ ਖੜ੍ਹੇ ਇਕ ਫਲ ਵਪਾਰੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ | ਇਸ ਹਮਲੇ ਵਿਚ ਵਪਾਰੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ | ਪਰ ਸਿਰ 'ਤੇ ਡੂੰਘੀਆਂ ਸੱਟਾਂ ਹੋਣ ਕਾਰਨ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਹੈ | ਸਰਕਾਰੀ ਹਸਪਤਾਲ ਵਿਚ ਜ਼ੇਰੇ-ਇਲਾਜ ਫਰੈਂਡਜ਼ ਕਾਲੋਨੀ ਦੇ ਨਿਵਾਸੀ ਫਲ ਵਪਾਰੀ ਰਾਕੇਸ਼ ਸੇਤੀਆ ਪੁੱਤਰ ਮਦਨ ਲਾਲ ਨੇ ਦੱਸਿਆ ਕਿ ਉਹ ਫ਼ਾਜ਼ਿਲਕਾ ਰੋਡ ਦਾਣਾ ਮੰਡੀ ਦੇ ਸਾਹਮਣੇ ਪੋਲਿੰਗ ਬੂਥ ਦੇ ਬਾਹਰ ਖੜ੍ਹਾ ਸੀ | ਇਸੇ ਦੌਰਾਨ ਪੁਰਾਣੀ ਰੰਜਸ਼ ਦੇ ਚੱਲਦਿਆਂ ਕਰੀਬ ਇਕ ਦਰਜਨ ਹਥਿਆਰਬੰਦ ਵਿਅਕਤੀਆਂ ਨੇ ਉਸ 'ਤੇ ਅਚਾਨਕ ਹਮਲਾ ਕਰ ਦਿੱਤਾ | ਹਮਲਾਵਰਾਂ ਨੇ ਉਸ ਦੇ ਸਿਰ 'ਤੇ ਕਈ ਵਾਰ ਕੀਤੇ | ਉਸ ਨੇ ਦੱਸਿਆ ਕਿ ਇਹ ਸਾਰੀ ਹਿੰਸਕ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ ਹੈ | ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 1 ਦੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ | ਇਸ ਹਮਲੇ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਦਾ ਗ਼ੁੱਸਾ ਭੜਕ ਗਿਆ ਅਤੇ ਉਨ੍ਹਾਂ ਨੇ ਮੌਕੇ 'ਤੇ ਲੱਗੇ ਆਮ ਆਦਮੀ ਪਾਰਟੀ ਦੇ ਚੋਣ ਟੈਂਟ 'ਤੇ ਹਮਲਾ ਕਰ ਦਿੱਤਾ | ਉਤੇਜਿਤ ਭੀੜ ਨੇ ਪੂਰਾ ਟੈਂਟ ਤਹਿਸ-ਨਹਿਸ ਕਰ ਦਿੱਤਾ ਅਤੇ ਉੱਥੇ ਪਈਆਂ ਕੁਰਸੀਆਂ ਭੰਨ ਦਿੱਤੀਆਂ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਖਮੀ ਵਪਾਰੀ ਭਾਜਪਾ ਦਾ ਸਮਰਥਕ ਦੱਸਿਆ ਜਾ ਰਿਹਾ ਹੈ, ਜਦਕਿ ਪੁਲਿਸ ਵਲੋਂ ਫੜੇ ਗਏ ਵਿਅਕਤੀ ਆਮ ਆਦਮੀ ਪਾਰਟੀ ਨਾਲ ਸਬੰਧਿਤ ਦੱਸੇ ਜਾ ਰਹੇ ਹਨ | ਪਤਾ ਲੱਗਿਆ ਹੈ ਕਿ ਇਨ੍ਹਾਂ ਦੋਵਾਂ ਪਰਿਵਾਰਾਂ ਵਿਚਾਲੇ ਕਾਫ਼ੀ ਸਮੇਂ ਤੋਂ ਪੁਰਾਣੀ ਦੁਸ਼ਮਣੀ ਚੱਲ ਰਹੀ ਹੈ ਅਤੇ ਦੋਵਾਂ ਧਿਰਾਂ 'ਤੇ ਪਹਿਲਾਂ ਵੀ ਕਈ ਸੰਗੀਨ ਜੁਰਮਾਂ ਤਹਿਤ ਮਾਮਲੇ ਦਰਜ ਹਨ | ਪੁਲਿਸ ਨੇ ਮੌਕੇ 'ਤੇ ਸਥਿਤੀ ਨੂੰ ਕਾਬੂ ਹੇਠ ਕਰ ਲਿਆ ਹੈ ਅਤੇ ਫੜੇ ਗਏ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |