24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਪਿੰਡ ਬਾਰੇ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਟ ਸਰਕਟ ਕਾਰਨ ਲੱਗੀ ਅੱਗ

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸੇਵਾ ਮੁਕਤ ਪੰਜਾਬ ਪੁਲਸ ਦੇ ਐੱਸ.ਐੱਚ.ਓ ਪੰਜਾਬ ਸਿੰਘ ਤੇ ਪਿੰਡ ਦੇ ਮੌਜੂਦਾ ਸਰਪੰਚ ਬਲਦੇਵ ਸਿੰਘ ਤੇ ਨਾਲ ਹੋਰ | ਤਸਵੀਰ-ਜਤਿੰਦਰ ਪਾਲ ਸਿੰਘ <br/> 01-06-2026
ਜਲਾਲਾਬਾਦ, 31 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਲਾਗਲੇ ਪਿੰਡ ਬਾਰੇ ਵਾਲਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਚ ਬੀਤੀ ਰਾਤ ਵਾਪਰੀ ਮੰਦਭਾਗੀ ਘਟਨਾ ਨੇ ਇਲਾਕੇ ਦੇ ਲੋਕਾਂ ਨੂੰ ਗ਼ਮਗੀਨ ਕਰ ਦਿੱਤਾ | ਗੁਰਦੁਆਰਾ ਸਾਹਿਬ ਦੇ ਅੰਦਰ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਪਾਵਨ ਸਰੂਪ ਅਗਨ ਭੇਟ ਹੋ ਗਿਆ ਜਦਕਿ ਗੁਰਦੁਆਰਾ ਸਾਹਿਬ ਦੇ ਅੰਦਰ ਹੋਰ ਸਾਮਾਨ ਨੂੰ ਵੀ ਨੁਕਸਾਨ ਪੁੱਜਣ ਦਾ ਸਮਾਚਾਰ ਹੈ | ਸੂਚਨਾ ਮਿਲਣ ਉਪਰੰਤ ਸਬ ਡਵੀਜ਼ਨ ਜਲਾਲਾਬਾਦ ਦੇ ਡੀ.ਐੱਸ.ਪੀ ਗੁਰਸੇਵਕ ਸਿੰਘ ਬਰਾੜ, ਥਾਣਾ ਸਦਰ ਮੁਖੀ ਜੁਗਰਾਜ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ | ਪੁਲਿਸ ਵਲੋਂ ਸੀ.ਸੀ.ਟੀਵੀ ਫੁਟੇਜ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤੋਂ ਇਲਾਵਾ ਐੱਸ.ਜੀ.ਪੀ.ਸੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਅਹੁਦੇਦਾਰ ਅਤੇ ਪ੍ਰਚਾਰਕ ਵੀ ਮੌਕੇ 'ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਵਲੋਂ ਧਾਰਮਿਕ ਮਰਿਆਦਾ ਅਨੁਸਾਰ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ | ਪਿੰਡ ਵਾਸੀਆਂ ਦੇ ਅਨੁਸਾਰ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਸਿੰਘਾਂ ਦੇ ਕਮਰੇ ਵਿਚ ਲੱਗੇ ਪੱਖੇ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗੀ ਜੋ ਹੌਲੀ-ਹੌਲੀ ਪੂਰੇ ਅੰਦਰੂਨੀ ਹਿੱਸੇ ਵਿਚ ਫੈਲ ਗਈ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਪਿਛਲੇ ਚਾਰ-ਪੰਜ ਦਿਨਾਂ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਹੋਏ ਸਨ | ਉਨ੍ਹਾਂ ਦੀ ਗੈਰ-ਮੌਜੂਦਗੀ ਵਿਚ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਪੰਜਾਬ ਪੁਲਿਸ ਦੇ ਰਿਟਾ.ਐੱਸ.ਐੱਚ.ਓ ਪੰਜਾਬ ਸਿੰਘ ਵਲੋਂ ਕੀਤੀ ਜਾ ਰਹੀ ਸੀ | ਦੱਸਿਆ ਜਾਂਦਾ ਹੈ ਕਿ ਬੀਤੀ ਰਾਤ ਸੁਖ ਆਸਣ ਦੀ ਸੇਵਾ ਉਪਰੰਤ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ ਗਿਆ ਸੀ | ਸਵੇਰੇ ਕਰੀਬ ਪੰਜ ਵਜੇ ਕੁੱਝ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਵਿਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਤੁਰੰਤ ਇਸ ਦੀ ਸੂਚਨਾ ਪੰਜਾਬ ਸਿੰਘ ਨੂੰ ਦਿੱਤੀ | ਜਦੋਂ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਖੋਲੇ੍ਹ ਗਏ ਤਾਂ ਅੰਦਰ ਅੱਗ ਲੱਗੀ ਹੋਈ ਸੀ | ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਪਾਵਨ ਸਰੂਪ ਅਗਨ ਭੇਟ ਹੋ ਚੁੱਕਾ ਸੀ | ਘਟਨਾ ਦੀਆਂ ਤਸਵੀਰਾਂ ਗੁਰਦੁਆਰਾ ਸਾਹਿਬ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿਚ ਕੈਦ ਹੋ ਗਈਆਂ ਹਨ | ਇਸ ਦੁਖਦਾਈ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿਚ ਗਹਿਰਾ ਦੁੱਖ ਅਤੇ ਰੋਸ ਪਾਇਆ ਜਾ ਰਿਹਾ ਹੈ | ਸਮੁੱਚਾ ਪਿੰਡ ਇਸ ਵੇਲੇ ਗਹਿਰੇ ਸਦਮੇ ਵਿਚ ਹੈ | ਪਿੰਡ ਵਾਸੀਆਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ | ਫ਼ਿਲਹਾਲ ਪੁਲਿਸ ਦੀ ਮੁੱਢਲੀ ਜਾਂਚ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ, ਜਦ ਕਿ ਸੀ.ਸੀ.ਟੀ.ਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਜਾਂਚ ਜਾਰੀ ਹੈ | ਪੂਰੇ ਇਲਾਕੇ ਵਿਚ ਇਸ ਘਟਨਾ ਨੂੰ ਲੈ ਕੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ 2 ਜੂਨ ਦੇ ਧਰਨੇ ਵਿਚ ਜਮਹੂਰੀ ਕਿਸਾਨ ਸਭਾ ਦੇ ਵਰਕਰ ਵੱਡੀ ਗਿਣਤੀ ਵਿਚ ਹੋਣਗੇ ਸ਼ਾਮਿਲ : ਕਾ.... ਅਗਲੀ ਖ਼ਬਰ ਪਰਸÉਾਰਥ ਸਭਾ ਵਲੋਂ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ
Ad Position 24