ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਕਿਸਾਨ ਆਗੂਆਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਨੂੰ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ-ਇਜ਼ਰਾਈਲ ਸਾਮਰਾਜ ਦੀ ਸ਼ਹਿ 'ਤੇ ਈਰਾਨ ਸਣੇ ਹੋਰਨਾਂ ਮੁਲਕਾਂ 'ਤੇ ਮੜ੍ਹੀ ਗਈ ਨਿਹੱਕੀ ਜੰਗ ਦੇ ਮਾਮਲੇ ਵਿਚ ਜੋ ਕੂਟਨੀਤਕ ਨਾਕਾਮੀ ਦਿਖਾਈ ਗਈ ਹੈ, ਉਸ ਦਾ ਸਿੱਧਾ ਖ਼ਮਿਆਜ਼ਾ ਅੱਜ ਭਾਰਤ ਦੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ | ਕਿਸਾਨ ਬੁਲਾਰਿਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਕੂਟਨੀਤਕ ਨਾਲਾਇਕੀ ਦੇ ਚੱਲਦਿਆਂ ਦੇਸ਼ ਵਿਚ ਮਹਿੰਗਾਈ ਅਸਮਾਨੀਂ ਚੜ੍ਹ ਚੁੱਕੀ ਹੈ | ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਖੇਤੀ ਲਾਗਤ ਲਗਾਤਾਰ ਵਧ ਰਹੀ ਹੈ | ਇਸ ਦੇ ਨਾਲ ਹੀ ਰਸੋਈ ਗੈੱਸ ਸਿਲੰਡਰਾਂ ਦੇ ਭਾਅ ਵਧਣ ਨਾਲ ਗ਼ਰੀਬ ਅਤੇ ਮੱਧ ਵਰਗੀ ਪਰਿਵਾਰਾਂ ਦਾ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ | ਉਨ੍ਹਾਂ ਦੱਸਿਆ ਕਿ ਜਿੱਥੇ ਇੱਕ ਪਾਸੇ ਬਾਜ਼ਾਰ ਵਿਚ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ਵਿਚ ਅਥਾਹ ਵਾਧਾ ਹੋ ਰਿਹਾ ਹੈ, ਉੱਥੇ ਹੀ ਬੈਂਕਾਂ ਵਿਚ ਨਗਦੀ (ਕੈਸ਼) ਦੀ ਕਿੱਲਤ ਹੋਣ ਕਾਰਨ ਲੋਕਾਂ ਨੂੰ ਆਪਣੀ ਹੀ ਜਮਾ ਪੂੰਜੀ ਕਢਵਾਉਣ ਲਈ ਖ਼ੁਆਰ ਹੋਣਾ ਪੈ ਰਿਹਾ ਹੈ | ਕਿਸਾਨ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਫ਼ਸਲਾਂ ਲਈ ਲੋੜੀਂਦੀਆਂ ਖਾਦਾਂ ਦੀ ਸਪਲਾਈ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਬਾਜ਼ਾਰ ਵਿਚ ਖਾਦ ਦੀ ਭਾਰੀ ਕਿੱਲਤ ਪੈਦਾ ਹੋ ਚੁੱਕੀ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਪੈਟਰੋਲੀਅਮ ਪਦਾਰਥਾਂ ਅਤੇ ਗੈੱਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ, ਬੈਂਕਾਂ ਵਿਚ ਨਗਦੀ ਦਾ ਪ੍ਰਬੰਧ ਸੁਧਾਰਿਆ ਜਾਵੇ ਅਤੇ ਕਿਸਾਨਾਂ ਨੂੰ ਲੋੜ ਮੁਤਾਬਿਕ ਖਾਦਾਂ ਦੀ ਸਪਲਾਈ ਬਿਨਾਂ ਕਿਸੇ ਦੇਰੀ ਦੇ ਯਕੀਨੀ ਬਣਾਈ ਜਾਵੇ | ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਹੱਕੀ ਮੰਗਾਂ ਵੱਲ ਫ਼ੌਰਨ ਧਿਆਨ ਨਾ ਦਿੱਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ, ਏ. ਡੀ. ਸੀ. ਮੈਡਮ ਮਨਦੀਪ ਕੌਰ ਨੂੰ ਸੌਂਪਿਆ ਮੰਗ ਪੱਤਰ
ਅਜੀਤ ਡੈਸਕ
03-06-2026