ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਡਾ.ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੀ ਅਗਵਾਈ ਹੇਠ ਗਠਿਤ ਕਮੇਟੀ ਵਲੋਂ ਸਿਵਲ ਹਸਪਤਾਲ ਅਬੋਹਰ ਲਈ 2 ਨਵੇਂ ਮਾਹਿਰ ਮੈਡੀਕਲ ਅਫ਼ਸਰਾਂ ਨੂੰ ਨਿਯੁਕਤ ਕੀਤਾ ਗਿਆ ਹੈ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਕਿਰਿਆ ਲਈ ਕੁੱਲ 3 ਮਾਹਿਰ ਡਾਕਟਰ ਇੰਟਰਵਿਊ 'ਚ ਸ਼ਾਮਲ ਹੋਏ ਸਨ, ਜਿਨ੍ਹਾਂ ਵਿਚੋਂ ਤਿੰਨਾਂ ਦੀ ਹੀ ਚੋਣ ਕਰ ਲਈ ਗਈ ਹੈ | ਇਨ੍ਹਾਂ ਵਿਚੋਂ ਗਾਇਨਾਕੋਲੋਜਿਸਟ ਡਾ. ਲੀਨਾ ਚੌਧਰੀ ਅਤੇ ਰੇਡੀਓਲੋਜਿਸਟ ਡਾ.ਚੰਦਰ ਸ਼ੇਖਰ ਨੇ ਸਿਵਲ ਹਸਪਤਾਲ ਅਬੋਹਰ ਵਿਖੇ ਆਪਣੀਆਂ ਸੇਵਾਵਾਂ ਦੇਣ ਲਈ ਨਿਯੁਕਤੀ ਪੱਤਰ ਪ੍ਰਾਪਤ ਕਰ ਲਏ ਹਨ | ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਹਿਲਾਂ ਵੀ 2 ਮਾਹਿਰ ਡਾਕਟਰਾਂ ਨੂੰ ਇੰਪੈਨਲ ਕੀਤਾ ਗਿਆ ਸੀ ਅਤੇ ਅੱਜ ਤੱਕ ਕੁੱਲ 5 ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚੋਂ 4 ਡਾਕਟਰਾਂ ਨੇ ਆਪਣੀ ਡਿਊਟੀ ਜੁਆਇਨ ਕਰ ਲਈ ਹੈ | ਨਵੇਂ ਨਿਯੁਕਤ ਡਾਕਟਰਾਂ ਨੂੰ ਸਿਵਲ ਸਰਜਨ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਦੂਜੇ ਪਾਸੇ ਨਿਯੁਕਤ ਮੈਡੀਕਲ ਅਫ਼ਸਰਾਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਰਹਿਣਗੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਡਾ.ਸੁਰੇਸ਼ ਕੰਬੋਜ ਅਤੇ ਡਾ.ਮਹੇਸ਼ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |