ਫ਼ਾਜ਼ਿਲਕਾ, 5 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਐਰਿਕ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪੰਕਜ ਅਤੇ ਜ਼ਿਲ੍ਹਾ ਐਪੀਡੈਮਿਓਲੋਜਿਸਟ ਡਾ. ਸੁਨੀਤਾ ਕੰਬੋਜ ਦੀ ਵਿਸ਼ੇਸ਼ ਮੌਜੂਦਗੀ ਵਿਚ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ 'ਵਿਸ਼ਵ ਵਾਤਾਵਰਨ ਦਿਵਸ' ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਅਹਾਤੇ ਵਿਚ ਪੌਦੇ ਲਗਾਏ ਗਏ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦਾ ਅਹਿਦ ਲਿਆ | ਸਮਾਗਮ ਦੀ ਸ਼ੁਰੂਆਤ ਦਫ਼ਤਰ ਕੰਪਲੈਕਸ ਵਿਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾ ਕੇ ਕੀਤੀ ਗਈ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਨੂੰ ਦੇਖਦਿਆਂ ਹਰ ਇਨਸਾਨ ਨੂੰ ਆਪਣੀ ਜ਼ਿੰਦਗੀ ਵਿਚ ਘੱਟੋ-ਘੱਟ ਇਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਪਾਲਣ-ਪੋਸਣ ਦੀ ਜ਼ਿੰਮੇਵਾਰੀ ਵੀ ਚੁੱਕਣੀ ਚਾਹੀਦੀ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਕਿਹਾ ਕਿ ਸਿਰਫ਼ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਦੀ ਨਿਯਮਤ ਦੇਖਭਾਲ ਕਰਨਾ ਵੀ ਬੇਹੱਦ ਜ਼ਰੂਰੀ ਹੈ, ਤਾਂ ਜੋ ਉਹ ਵੱਡੇ ਦਰਖ਼ਤ ਬਣ ਕੇ ਵਾਤਾਵਰਨ ਨੂੰ ਸ਼ੁੱਧ ਅਤੇ ਸਿਹਤਮੰਦ ਬਣਾਉਣ ਵਿਚ ਆਪਣਾ ਯੋਗਦਾਨ ਪਾ ਸਕਣ | ਡਾ.ਐਰਿਕ, ਡਾ.ਪੰਕਜ ਅਤੇ ਡਾ.ਸੁਨੀਤਾ ਕੰਬੋਜ ਸਮੇਤ ਹੋਰ ਸਿਹਤ ਅਧਿਕਾਰੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਨਾਲ ਹੀ ਮਨੁੱਖੀ ਸਿਹਤ ਦੀ ਰੱਖਿਆ ਸੰਭਵ ਹੈ | ਉਨ੍ਹਾਂ ਕਿਹਾ ਕਿ ਚੰਗੀ ਸਿਹਤ ਲਈ ਸਾਫ਼ ਹਵਾ, ਸਾਫ਼ ਪਾਣੀ ਅਤੇ ਹਰਿਆਵਲ ਬਹੁਤ ਜ਼ਰੂਰੀ ਹਨ | ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਕਰਮਚਾਰੀਆਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਗੇ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਦੂਜੇ ਲੋਕਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਗੇ | ਸਮਾਗਮ ਦੇ ਅੰਤ ਵਿਚ ਸਾਰਿਆਂ ਨੂੰ ਸੁਨੇਹਾ ਦਿੱਤਾ ਗਿਆ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਾਫ਼ ਅਤੇ ਸੁੰਦਰ ਧਰਤੀ ਛੱਡਣ ਦੇ ਉਦੇਸ਼ ਨਾਲ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨਾ ਪਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਰਾਜਵੀਰ ਕੰਬੋਜ, ਸੰਜੀਵ ਗਰੋਵਰ, ਰਾਜੀਵ ਜੁਨੇਜਾ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਦਿਵੇਸ਼ ਕੁਮਾਰ, ਅਤਿੰਦਰ ਸਿੰਘ, ਸ਼ੀਲੂ, ਵਿਕਾਸ ਅਤੇ ਰੋਹਿਤ ਵੀ ਹਾਜ਼ਰ ਸਨ |