ਫਿਰੋਜ਼ਪੁਰ, 7 ਜੂਨ (ਗੁਰਿੰਦਰ ਸਿੰਘ)- ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਜਾਦੂ-ਟੂਣੇ ਅਤੇ ਦੇਗ ਕੱਢਣ ਦੇ ਨਾਮ 'ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਇਕ ਵਿਅਕਤੀ ਨੂੰ 730 ਗਰਾਮ ਨਕਲੀ ਸੋਨੇ ਅਤੇ ਗਹਿਣਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ, ਜਦਕਿ ਉਸ ਦੀ ਪਤਨੀ ਤੇ ਇਕ ਹੋਰ ਸਾਥੀ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਬੱਸ ਅੱਡਾ ਖੇਤਰ ਵਿਚ ਮੌਜੂਦ ਸਨ ਤਾਂ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ਼ ਲਾਡੀ ਪੁੱਤਰ ਬੌਹੜਾ ਵਾਸੀ ਪਿੰਡ ਗਾਮੇਵਾਲਾ, ਉਸ ਦੀ ਪਤਨੀ ਕੁਲਵਿੰਦਰ ਕੌਰ ਅਤੇ ਸੁਰਜੀਤ ਸਿੰਘ ਉਰਫ਼ ਗੁੱਗ ਪੁੱਤਰ ਵੀਰ ਸਿੰਘ ਉਰਫ਼ ਵੀਰੂ ਵਾਸੀ ਗਾਮੇਵਾਲਾ ਲੋਕਾਂ ਨੂੰ ਜਾਦੂ-ਟੂਣੇ ਦਾ ਝਾਂਸਾ ਦੇ ਕੇ ਉਨ੍ਹਾਂ ਦੇ ਘਰਾਂ ਵਿਚ ਕਥਿਤ ਤੌਰ 'ਤੇ ਦੇਗ ਕੱਢਣ ਦਾ ਡਰਾਮਾ ਕਰਦੇ ਹਨ ਅਤੇ ਲੋਕਾਂ ਤੋਂ ਅਸਲੀ ਸੋਨਾ ਤੇ ਕੀਮਤੀ ਗਹਿਣੇ ਹਾਸਲ ਕਰਕੇ ਉਨ੍ਹਾਂ ਦੀ ਥਾਂ ਨਕਲੀ ਸੋਨਾ ਅਤੇ ਨਕਲੀ ਗਹਿਣੇ ਦੇ ਕੇ ਠੱਗੀ ਮਾਰਦੇ ਸਨ | ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਕਾਰਵਾਈ ਕਰਦਿਆਂ ਗੁਰਪ੍ਰੀਤ ਸਿੰਘ ਉਰਫ਼ ਲਾਡੀ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 730 ਗਰਾਮ ਨਕਲੀ ਸੋਨਾ ਅਤੇ ਗਹਿਣੇ ਬਰਾਮਦ ਕੀਤੇ ਗਏ | ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਦਕਿ ਉਸ ਦੀ ਪਤਨੀ ਕੁਲਵਿੰਦਰ ਕੌਰ ਅਤੇ ਸੁਰਜੀਤ ਸਿੰਘ ਉਰਫ਼ ਗੁੱਗ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿਖੇ ਗੁਰਪ੍ਰੀਤ ਸਿੰਘ ਉਰਫ਼ ਲਾਡੀ, ਕੁਲਵਿੰਦਰ ਕੌਰ ਅਤੇ ਸੁਰਜੀਤ ਸਿੰਘ ਉਰਫ਼ ਗੁੱਗ ਖ਼ਿਲਾਫ਼ ਧਾਰਾ 318(4), 61, 111 ਬੀ.ਐਨ.ਐਸ. ਅਤੇ ਧਾਰਾ 420, 120-ਬੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |