ਫ਼ਾਜ਼ਿਲਕਾ, 8 ਜੂਨ (ਅਮਰਜੀਤ ਸ਼ਰਮਾ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਲਗਾਇਆ ਗਿਆ ਰੋਸ ਧਰਨਾ 13ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਹੈਰਾਨੀ ਦੀ ਗੱਲ ਹੈ ਕਿ ਪਿਛਲੇ ਲਗਭਗ ਦੋ ਹਫ਼ਤਿਆਂ ਤੋਂ ਮੁਲਾਜ਼ਮ ਸੜਕਾਂ 'ਤੇ ਬੈਠੇ ਹਨ, ਪਰ ਮੌਜੂਦਾ ਸਰਕਾਰ ਦਾ ਕੋਈ ਵੀ ਨੁਮਾਇੰਦਾ ਹਾਲੇ ਤੱਕ ਇਨ੍ਹਾਂ ਦੀ ਸਾਰ ਲੈਣ ਲਈ ਨਹੀਂ ਪਹੁੰਚਿਆ | ਇਸ ਸੰਘਰਸ਼ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਕੰਵਲ ਕਾਲੜਾ ਨੇ ਵਿਸ਼ੇਸ਼ ਤੌਰ 'ਤੇ ਧਰਨੇ ਵਿਚ ਸ਼ਿਰਕਤ ਕੀਤੀ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਪੂਰਨ ਸਮਰਥਨ ਕੀਤਾ | ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਕੰਵਲ ਕਾਲੜਾ ਨੇ ਕਿਹਾ ਕਿ ਇਹ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਮਹਿਜ਼ 10,200 ਰੁਪਏ ਦੀ ਨਿਗੂਣੀ ਤਨਖ਼ਾਹ 'ਤੇ ਸਵੇਰ ਤੋਂ ਸ਼ਾਮ ਤੱਕ ਸਖ਼ਤ ਮਿਹਨਤ ਕਰ ਰਹੇ ਹਨ | ਅੱਜ ਦੇ ਮਹਿੰਗਾਈ ਦੇ ਦੌਰ ਵਿਚ ਇਹ ਰਾਸ਼ੀ ਇਨ੍ਹਾਂ ਦੀ ਮਿਹਨਤ ਦਾ ਮੁੱਲ ਨਹੀਂ ਹੈ | ਉਨ੍ਹਾਂ ਕਿਹਾ ਕਿ ਅੱਜ ਆਮ ਜਨਤਾ ਦੇ ਜ਼ਿਆਦਾਤਰ ਸਰਕਾਰੀ ਕੰਮ ਸੇਵਾ ਕੇਂਦਰਾਂ ਰਾਹੀਂ ਹੁੰਦੇ ਹਨ ਅਤੇ ਇਹ ਮੁਲਾਜ਼ਮ ਪੂਰੀ ਇਮਾਨਦਾਰੀ 'ਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਂਦੇ ਹਨ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਇਨ੍ਹਾਂ ਦਾ ਮਿਹਨਤਾਨਾ ਘੱਟੋ-ਘੱਟ 25,000 ਰੁਪਏ ਪ੍ਰਤੀ ਮਹੀਨਾ ਕਰਨਾ ਚਾਹੀਦਾ ਹੈ | ਕਾਲੜਾ ਨੇ ਦੱਸਿਆ ਕਿ ਇਸ ਧਰਨੇ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਕਾਂਗਰਸ ਪਾਰਟੀ ਵਲੋਂ ਪੂਰਾ ਸਮਰਥਨ ਹਾਸਿਲ ਹੈ | ਉਨ੍ਹਾਂ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਕਿ ਸੇਵਾ ਕੇਂਦਰ ਦੇ ਕਰਮਚਾਰੀ ਜੋ ਵੀ ਹੁਕਮ ਕਾਂਗਰਸ ਪਾਰਟੀ ਨੂੰ ਲਗਾਉਣਗੇ, ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ ਅਤੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਅਗਲੀ ਕਤਾਰ ਵਿਚ ਹੋ ਕੇ ਲੜਾਈ ਲੜੇਗੀ | ਇਸ ਮੌਕੇ ਕਾਂਗਰਸ ਦੇ ਬੁਲਾਰੇ ਰੂਬੀ ਗਿੱਲ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਸ਼ੀਨਾ, ਗੋਰਾ ਸੰਧੂ, ਸੁਰਜੀਤ ਸਿੰਘ, ਰਣਜੀਤ ਸਿੰਘ ਰਾਣਾ, ਲਖਵੀਰ ਸਿੰਘ ਅਤੇ ਲਵਕੇਸ਼ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਆਗੂ ਹਾਜ਼ਰ ਸਨ |