ਅਬੋਹਰ, 11 ਜੂਨ (ਵਿਵੇਕ ਹੂੜੀਆ)-ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਨਿਰਦੇਸ਼ਾਂ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਮੀਤ ਸਿੰਘ ਦੀ ਦੇਖ-ਰੇਖ ਹੇਠ ਡੇਂਗੂ ਰੋਕਥਾਮ ਮੁਹਿੰਮ ਤਹਿਤ ਅਬੋਹਰ ਵਿਖੇ ਲਗਾਤਾਰ ਐਂਟੀ ਡੇਂਗੂ ਲਾਰਵਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਜਾਣਕਾਰੀ ਦਿੰਦੇ ਹੋਏ ਡਾ.ਸੁਮੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਹਤ ਕਰਮੀਆਂ ਦੀਆਂ ਟੀਮਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ ਘਰਾਂ, ਮੈਰਿਜ ਪੈਲੇਸਾਂ, ਇਤਿਹਾਸਿਕ ਥਾਵਾਂ, ਧਾਰਮਿਕ ਅਸਥਾਨਾਂ ਅਤੇ ਸ਼ਮਸ਼ਾਨ ਘਾਟ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਸੁਭਾਸ਼ ਨਗਰੀ ਇਲਾਕੇ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵਿਜ਼ਟ ਕੀਤੀ ਗਈ, ਜਿੱਥੇ ਐਂਟੀ ਲਾਰਵਾ ਗਤੀਵਿਧੀਆਂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ | ਸਿਹਤ ਕਰਮੀਆਂ ਨੇ ਲੋਕਾਂ ਨੂੰ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਮਲਟੀ ਪਰਪਜ਼ ਹੈਲਥ ਵਰਕਰ ਅਮਨਦੀਪ ਸਿੰਘ, ਪਰਮਜੀਤ ਸਿੰਘ ਅਤੇ ਬਰੀਡਿੰਗ ਚੈੱਕਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |