ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੀ ਇਕ ਅਹਿਮ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ | ਇਸ ਮੀਟਿੰਗ ਦੌਰਾਨ ਜਥੇਬੰਦਕ ਰਣਨੀਤੀ 'ਤੇ ਚਰਚਾ ਕਰਦਿਆਂ ਜ਼ਿਲ੍ਹਾ ਕਮੇਟੀ ਦੇ ਅਹੁਦੇਦਾਰਾਂ ਦੀਆਂ ਵੱਖ-ਵੱਖ ਬਲਾਕਾਂ 'ਚ ਡਿਊਟੀਆਂ ਲਗਾ ਕੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਬੀ.ਐਲ.ਏ 2 ਅਤੇ ਐੱਸ.ਆਈ.ਆਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬਜ਼ਰਵਰ ਰਜਿੰਦਰ ਛਾਬੜਾ ਨੇ ਵੀ ਸ਼ਿਰਕਤ ਕੀਤੀ ਅਤੇ ਪਾਰਟੀ ਗਤੀਵਿਧੀਆਂ ਦਾ ਜਾਇਜ਼ਾ ਲਿਆ | ਇਸ ਮੀਟਿੰਗ ਦੌਰਾਨ ਕਾਂਗਰਸ ਦੇ ਵੱਖ-ਵੱਖ ਵਿੰਗਾਂ ਦੇ ਮੁਖੀ, ਜਿਨ੍ਹਾਂ ਵਿਚ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ, ਐੱਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ, ਸੋਸ਼ਲ ਮੀਡੀਆ ਦੇ ਜ਼ਿਲ੍ਹਾ ਚੇਅਰਮੈਨ, ਓ.ਬੀ.ਸੀ. ਸੈੱਲ ਦੇ ਨੁਮਾਇੰਦੇ ਅਤੇ ਮਹਿਲਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਬਲਾਕ ਪੱਧਰ 'ਤੇ ਲਾਮਬੰਦ ਕਰਨ ਲਈ ਇਹ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਸਮੂਹ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਕਾਂਗਰਸੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |