ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਸਬ-ਸੈਂਟਰ ਜੰਡਵਾਲਾ ਖਰਤਾ ਦੇ ਅਧੀਨ ਆਉਂਦੇ ਪਿੰਡ ਬੰਨਵਾਲਾ ਹਨਵੰਤਾ ਵਿਖੇ ਮਲੇਰੀਆ ਦੀ ਰੋਕਥਾਮ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਇਹ ਕੈਂਪ ਸਿਵਲ ਸਰਜਨ ਫ਼ਾਜ਼ਿਲਕਾ ਅਤੇ ਐੱਸ.ਐਮ.ਓ.ਡੱਬਵਾਲਾ ਕਲਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਕੈਂਪ ਵਿਚ ਪਹੁੰਚੇ ਲੋਕਾਂ ਨੂੰ ਮਲੇਰੀਆ ਬੁਖ਼ਾਰ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਿਹਤ ਕਰਮਚਾਰੀਆਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਰੋਜ਼ਾਨਾ ਸਫ਼ਾਈ ਰੱਖਣ, ਕਿਉਂਕਿ ਖੜ੍ਹੇ ਹੋਏ ਸਾਫ਼ ਪਾਣੀ ਵਿਚ ਹੀ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਹੁੰਦੇ ਹਨ | ਉਨ੍ਹਾਂ ਕਿਹਾ ਕਿ ਘਰਾਂ ਦੇ ਨੇੜੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਅਜਿਹੇ ਟੋਇਆਂ ਨੂੰ ਮਿੱਟੀ ਪਾ ਕੇ ਭਰ ਦਿੱਤਾ ਜਾਵੇ | ਕੈਂਪ ਦੌਰਾਨ ਮਾਹਿਰਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਬੁਖ਼ਾਰ ਹੁੰਦਾ ਹੈ ਤਾਂ ਉਸ ਨੂੰ ਹਲਕੇ ਵਿਚ ਨਾ ਲੈਂਦੇ ਹੋਏ ਤੁਰੰਤ ਆਪਣੇ ਨਜ਼ਦੀਕੀ ਸਰਕਾਰੀ ਹਸਪਤਾਲ ਵਿਚ ਜਾ ਕੇ ਖ਼ੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ |