ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਸਵਨਾ ਨੇ ਸ਼ਹਿਰ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਕਿ ਫ਼ਾਜ਼ਿਲਕਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਸਰਬਪੱਖੀ ਵਿਕਾਸ ਲਈ 4 ਕਰੋੜ ਰੁਪਏ ਦੇ ਨਵੇਂ ਟੈਂਡਰ ਪਾਸ ਹੋ ਚੁੱਕੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਨੂੰ ਜਲਦ ਹੀ ਜ਼ਮੀਨੀ ਪੱਧਰ ‘ਤੇ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਜਦੋਂ ਉਹ ਲੋਕਾਂ ਦੇ ਰੂ-ਬਰੂ ਹੋਏ ਸਨ ਤਾਂ ਸ਼ਹਿਰ ਵਾਸੀਆਂ ਨੇ ਮੁੱਖ ਤੌਰ ‘ਤੇ ਸੜਕਾਂ, ਸਟਰੀਟ ਲਾਈਟਾਂ ਅਤੇ ਸੀਵਰੇਜ ਦੀ ਸਮੱਸਿਆ ਦੇ ਪੱਕੇ ਹੱਲ ਦੀ ਮੰਗ ਕੀਤੀ ਸੀ। ਅੱਜ ਜਨਤਾ ਨਾਲ ਕੀਤਾ ਉਹ ਵਾਅਦਾ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਫ਼ਾਜ਼ਿਲਕਾ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾ ਰਿਹਾ ਹੈ। ਹਲਕਾ ਵਿਧਾਇਕ ਨੇ ਪਿਛਲੇ ਸਮੇਂ ਦੌਰਾਨ ਹੋਏ ਕੰਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਸ਼ਹਿਰ ਵਿਚ ਸਾਫ਼ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਖ਼ਤਮ ਕਰਨ ਲਈ 7 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਵਿਛਾਈ ਗਈ। ਸੀਵਰੇਜ ਦੀ ਪੁਰਾਣੀ ਸਮੱਸਿਆ ਨੂੰ ਸੁਧਾਰਨ ਲਈ 7 ਕਰੋੜ ਰੁਪਏ ਖ਼ਰਚ ਕੀਤੇ ਗਏ, ਇਸ ਤੋਂ ਇਲਾਵਾ 60 ਕਰੋੜ ਰੁਪਏ ਦੀ ਭਾਰੀ ਲਾਗਤ ਨਾਲ ਸ਼ਹਿਰ ਵਿਚ ਨਵੀਆਂ ਇੰਟਰਲਾਕ ਸੜਕਾਂ ਅਤੇ ਆਧੁਨਿਕ ਲਾਈਟਾਂ ਲਗਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ 3 ਤੋਂ 4 ਮਹੀਨਿਆਂ ਦੇ ਅੰਦਰ-ਅੰਦਰ ਇਨ੍ਹਾਂ ਸਾਰੇ ਨਵੇਂ ਕਾਰਜਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ ਅਤੇ ਸ਼ਹਿਰ ਵਾਸੀਆਂ ਦੀਆਂ ਹੋਰਨਾਂ ਮੰਗਾਂ ਨੂੰ ਦੇਖਦਿਆਂ ਜਲਦੀ ਹੀ ਕੁੱਝ ਹੋਰ ਨਵੇਂ ਟੈਂਡਰ ਵੀ ਲਗਾਏ ਜਾ ਰਹੇ ਹਨ। ਬੈਠਕ ਦੌਰਾਨ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸ਼ਹਿਰ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਵੱਲ ਖ਼ਾਸ ਧਿਆਨ ਦਿੱਤਾ ਜਾਵੇ ਅਤੇ ਵਿਭਾਗ ਦੇ ਸਾਰੇ ਕੰਮ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨੇਪਰੇ ਚਾੜ੍ਹੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਟਰੈਫ਼ਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਨਾਜਾਇਜ਼ ਤੌਰ ‘ਤੇ ਸਾਮਾਨ ਨਾ ਰੱਖਣ ਤਾਂ ਜੋ ਰਾਹਗੀਰਾਂ ਨੂੰ ਮੁਸ਼ਕਿਲ ਨਾ ਆਵੇ। ਇਸ ਮੌਕੇ ਨਗਰ ਕੌਂਸਲ ਫ਼ਾਜ਼ਿਲਕਾ ਦੇ ਕਾਰਜ ਸਾਧਕ ਅਫ਼ਸਰ, ‘ਆਪ’ ਦੇ ਸੀਨੀਅਰ ਕੌਂਸਲਰ ਅਤੇ ਹੋਰ ਪਾਰਟੀ ਆਗੂ ਮੌਜੂਦ ਸਨ।