ਫ਼ਾਜ਼ਿਲਕਾ, 19 ਜੂਨ (ਅਮਰਜੀਤ ਸ਼ਰਮਾ)-ਕੇਂਦਰ ਸਰਕਾਰ ਦੀਆਂ ਕਥਿਤ ਫਾਸ਼ੀਵਾਦੀ ਨੀਤੀਆਂ ਅਤੇ ਵੱਧ ਰਹੇ ਦਮਨਕਾਰੀ ਰੁਝਾਨਾਂ ਖ਼ਿਲਾਫ਼ ਵੱਖ-ਵੱਖ ਜਨਤਕ, ਜਮਹੂਰੀ, ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ 22 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਸਾਹਮਣੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਫ਼ੈਸਲਾ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ‘ਫਾਸ਼ੀਵਾਦੀ ਵਿਰੋਧੀ ਫ਼ਰੰਟ’ ਦੇ ਸੱਦੇ ’ਤੇ ਸੀ.ਪੀ.ਆਈ.ਦੇ ਸੀਨੀਅਰ ਆਗੂ ਕਾਮਰੇਡ ਹੰਸ ਰਾਜ ਗੋਲਡਨ ਦੀ ਪ੍ਰਧਾਨਗੀ ਹੇਠ ਹੋਈ ਇਕ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੌਰਾਨ ਦੇਸ਼ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਸੰਵਿਧਾਨਕ ਹੱਕਾਂ ਉੱਤੇ ਕੀਤੇ ਜਾ ਰਹੇ ਹਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਚੱਕ ਸੈਦੋ ਕੇ, ਸੀ.ਪੀ.ਆਈ.ਆਗੂ ਹੰਸ ਰਾਜ ਗੋਲਡਨ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜਨਰਲ ਸਕੱਤਰ ਮਹਿੰਦਰ ਕੌੜਿਆਵਾਲੀ, ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ ਅਤੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ ਨੇ ਸਾਂਝੇ ਤੌਰ ’ਤੇ ਸੰਬੋਧਨ ਕੀਤਾ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇਸ਼ ਦੇ ਜਮਹੂਰੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਸਰਕਾਰ ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਦਮਨਕਾਰੀ ਹੱਥਕੰਡੇ ਅਪਣਾਏ ਜਾ ਰਹੇ ਹਨ। ਇਫਟੂ ਦੇ ਸਕੱਤਰ ਦਵਿੰਦਰ ਕੁਮਾਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ ਅਤੇ ਆਰ.ਐੱਮ.ਪੀ.ਆਈ ਦੇ ਆਗੂ ਬਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਾਮਲਿਆਂ ਵਿਚ ਕੇਂਦਰੀ ਏਜੰਸੀਆਂ ਦਾ ਦਖ਼ਲ ਲਗਾਤਾਰ ਵਧਾਇਆ ਜਾ ਰਹੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ‘ਡੈਮ ਸੇਫ਼ਟੀ ਐਕਟ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਰਾਹੀਂ ਪੰਜਾਬ ਦੇ ਪਾਣੀਆਂ ਅਤੇ ਡੈਮਾਂ ਸਬੰਧੀ ਫ਼ੈਸਲਿਆਂ ਵਿਚੋਂ ਸੂਬੇ ਦੀ ਭੂਮਿਕਾ ਲਗਭਗ ਖ਼ਤਮ ਕਰ ਦਿੱਤੀ ਗਈ ਹੈ, ਜੋ ਕਿ ਰਿਪੇਰੀਅਨ ਸਿਧਾਂਤ ਅਤੇ ਸੰਘੀ ਢਾਂਚੇ ਦੀ ਭਾਵਨਾ ਦੇ ਬਿਲਕੁਲ ਉਲਟ ਹੈ। ਇਸ ਤੋਂ ਇਲਾਵਾ ਬੀ.ਐੱਸ.ਐੱਫ. ਦਾ ਅਧਿਕਾਰ ਖੇਤਰ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਕਰਨਾ ਅਤੇ ਸਿੱਖਿਆ, ਰੁਜ਼ਗਾਰ, ਬਿਜਲੀ, ਜਲ ਤੇ ਜ਼ਮੀਨ ਵਰਗੇ ਵਿਸ਼ਿਆਂ ਨੂੰ ਕੇਂਦਰ ਦੇ ਅਧੀਨ ਲਿਆਉਣ ਦੀਆਂ ਨੀਤੀਆਂ ਸੂਬੇ ਦੀ ਖ਼ੁਦਮੁਖ਼ਤਿਆਰੀ ’ਤੇ ਸਿੱਧਾ ਹਮਲਾ ਹਨ। ਮੀਟਿੰਗ ਦੇ ਅਖੀਰ ਵਿਚ ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਚਰਨ ਸਿੰਘ, ਅਮਰ ਸਿੰਘ ਅਤੇ ਪੀ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰ ਖੀਵਾ ਨੇ ਸਮੂਹ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧਰਮ, ਜਾਤ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ 22 ਜੂਨ ਦੇ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਤਾਂ ਜੋ ਕੇਂਦਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਮਜ਼ਬੂਤ ਆਵਾਜ਼ ਬੁਲੰਦ ਕੀਤੀ ਜਾ ਸਕੇ।