ਫ਼ਾਜ਼ਿਲਕਾ, 22 ਜੂਨ (ਅਮਰਜੀਤ ਸ਼ਰਮਾ)-ਸਥਾਨਕ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਸਕੂਲ ਪ੍ਰਬੰਧਕੀ ਕਮੇਟੀ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਨਰੋਈ ਜੀਵਨ ਸ਼ੈਲੀ ਅਤੇ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਚ ਮੋਹਿਤ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਯੋਗ ਤੇ ਮੈਡੀਟੇਸ਼ਨ ਦੀਆਂ ਵੱਖ-ਵੱਖ ਗਤੀਵਿਧੀਆਂ ਦਾ ਅਭਿਆਸ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਯੋਗ ਭਾਰਤੀ ਸੰਸਕ੍ਰਿਤੀ ਦੀ ਅਨਮੋਲ ਵਿਰਾਸਤ ਹੈ। ਨਿਯਮਤ ਯੋਗ ਅਭਿਆਸ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਵਿਕਸਿਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਜ਼ਿੰਦਗੀ ਵਿਚ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਯੋਗ ਕੇਵਲ ਸਰੀਰ ਨੂੰ ਤੰਦਰੁਸਤ ਰੱਖਣ ਦਾ ਸਾਧਨ ਨਹੀਂ, ਸਗੋਂ ਮਾਨਸਿਕ ਸ਼ਾਂਤੀ ਅਤੇ ਸੰਤੁਲਨ ਦਾ ਵੀ ਆਧਾਰ ਹੈ। ਉਨ੍ਹਾਂ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਨ ਲਈ ਰੋਜ਼ਾਨਾ ਕੁੱਝ ਸਮਾਂ ਯੋਗ ਲਈ ਕੱਢਣ ਦੀ ਪ੍ਰੇਰਨਾ ਦਿੱਤੀ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਦੌਰ ਵਿਚ ਵਿਦਿਆਰਥੀਆਂ ਲਈ ਮਾਨਸਿਕ ਇਕਾਗਰਤਾ ਬੇਹੱਦ ਜ਼ਰੂਰੀ ਹੈ, ਜਿਸ ਨੂੰ ਯੋਗ ਰਾਹੀਂ ਮਜ਼ਬੂਤ ਕੀਤਾ ਜਾ ਸਕਦਾ ਹੈ। ਯੋਗ ਤਣਾਅ ਨੂੰ ਘੱਟ ਕਰਨ ਅਤੇ ਜੀਵਨ ਵਿਚ ਸਕਾਰਾਤਮਿਕ ਊਰਜਾ ਬਣਾਈ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਕੈਂਪ ਦੌਰਾਨ ਵਿਦਿਆਰਥੀਆਂ ਵਲੋਂ ਪੂਰੇ ਅਨੁਸ਼ਾਸਨ ਨਾਲ ਵੱਖ-ਵੱਖ ਯੋਗ ਕਿਰਿਆਵਾਂ ਦਾ ਅਭਿਆਸ ਕੀਤਾ ਗਿਆ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਗੁਰਲਾਲ ਸਿੰਘ ਕਬੱਡੀ ਕੋਚ ਅਤੇ ਗੁਰਲਾਲ ਸਿੰਘ ਸਾਫ਼ਟ ਬਾਲ ਕੋਚ ਸਮੇਤ ਸਮੂਹ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।