ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਨੇ ਦੋ ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਸਹਾਇਕ ਥਾਣੇਦਾਰ ਬਲਵੀਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਗਈ ਹੈ। 21 ਜੂਨ ਨੂੰ ਜਦੋਂ ਪੁਲਿਸ ਪਾਰਟੀ ਥਾਣਾ ਖੂਈਆਂ ਸਰਵਰ ਦੇ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਪਿੰਡ ਪੰਨੀ ਵਾਲਾ ਮਾਹਲਾ ਦੇ ਕੋਲ ਕੱਚੇ ਰਸਤੇ ’ਤੇ ਦੋ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਵਿਚੋਂ ਇਕ ਦੇ ਹੱਥ ’ਚ ਕਾਲੇ ਰੰਗ ਦਾ ਬੈਗ ਸੀ। ਸ਼ੱਕ ਦੇ ਆਧਾਰ ’ਤੇ ਜਦੋਂ ਪੁਲਿਸ ਨੇ ਡੀ.ਐੱਸ.ਪੀ. ਅਬੋਹਰ (ਦਿਹਾਤੀ) ਅਮਨਦੀਪ ਸਿੰਘ ਦੀ ਮੌਜੂਦਗੀ ਵਿਚ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਬੈਗ ਵਿਚੋਂ 1 ਕਿੱਲੋ 5 ਗਰਾਮ ਹੈਰੋਇਨ ਅਤੇ 3,90,000 ਰੁਪਏ ਡਰੱਗ ਮਨੀ ਬਰਾਮਦ ਹੋਈ। ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਯੁਵਰਾਜ ਸਿੰਘ ਨਿਵਾਸੀ ਅੰਮ੍ਰਿਤਸਰ ਅਤੇ ਜਗਜੀਤ ਸਿੰਘ ਨਿਵਾਸੀ ਝੀਤੇ ਕਲਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਖੂਈਆਂ ਸਰਵਰ ਵਿਚ ਮੁਕੱਦਮਾ ਨੰਬਰ 135, ਮਿਤੀ 21-06-2026, ਧਾਰਾ 21ਸੀ, 27, 29/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਜਗਜੀਤ ਸਿੰਘ ਪਹਿਲਾਂ ਵੀ ਸੂਰਤਗੜ੍ਹ ਵਿਚ ਅਫ਼ੀਮ/ਪੋਸਤ ਤਸਕਰੀ ਦੇ ਮਾਮਲੇ ਵਿਚ ਨਾਮਜ਼ਦ ਰਹਿ ਚੁੱਕਾ ਹੈ ਅਤੇ ਦੋਵਾਂ ਨੇ ਮਿਲ ਕੇ ਹੈਰੋਇਨ ਤਸਕਰੀ ਦੀ ਯੋਜਨਾ ਬਣਾਈ ਸੀ। ਪੁਲਿਸ ਹੁਣ ਮੁਲਜ਼ਮਾਂ ਦੇ ਅਗਲੇ-ਪਿਛਲੇ ਸੰਬੰਧਾਂ ਬਾਰੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ।