ਅਬੋਹਰ, 22 ਜੂਨ (ਤੇਜਿੰਦਰ ਸਿੰਘ ਖ਼ਾਲਸਾ) ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਕਵਿਤਾ ਸੋਲੰਕੀ ਨੇ ਪੰਜਾਬ ਵਿਚ ਅਫ਼ੀਮ ਦੀ ਖੇਤੀ ਦੀ ਵਕਾਲਤ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ 2027 ਵਿਚ ਕਾਂਗਰਸ ਦੀ ਸਰਕਾਰ ਬਣਾਈ ਤਾਂ ਸਭ ਤੋਂ ਪਹਿਲਾ ਕੰਮ ਪੰਜਾਬ ਵਿਚ ਅਫ਼ੀਮ ਦੀ ਖੇਤੀ ਸ਼ੁਰੂ ਕਰਨਾ ਹੋਵੇਗਾ। ਇਸ ਸੰਬੰਧੀ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਸ੍ਰੀਮਤੀ ਸੋਲੰਕੀ ਨੇ ਕਿਹਾ ਕਿ ਦੇਸ਼ ਦੇ ਤਿੰਨ ਪ੍ਰਮੁੱਖ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁੱਲ 22 ਜ਼ਿਲ੍ਹਿਆਂ ਵਿਚ ਅਫ਼ੀਮ ਦੀ ਖੇਤੀ ਕੀਤੀ ਜਾਂਦੀ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਅਧੀਨ ਜਿਵੇਂ ਉਨ੍ਹਾਂ ਸੂਬਿਆਂ ਵਿਚ ਅਫ਼ੀਮ ਦੀ ਖੇਤੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਕੇਂਦਰ ਸਰਕਾਰ ਦੀ ਮਨਜ਼ੂਰੀ ਨਾਲ ਅਫ਼ੀਮ ਦੀ ਖੇਤੀ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਇਕ ਪਾਸੇ ਪੰਜਾਬ ਸਰਕਾਰ ਦੇ ਮਾਲੀਏ ਵਿਚ ਵਾਧਾ ਹੋਵੇਗਾ, ਉੱਥੇ ਹੀ ਦਵਾਈਆਂ ਦੇ ਉਤਪਾਦਨ ਲਈ ਲੋੜੀਂਦੀ ਅਫ਼ੀਮ ਦੇ ਮਾਮਲੇ ਵਿਚ ਪੰਜਾਬ ਆਤਮ ਨਿਰਭਰ ਬਣਨ ਦੇ ਨਾਲ-ਨਾਲ ਅਫ਼ੀਮ ਦਾ ਨਿਰਯਾਤ ਕਰਨ ਵਾਲਾ ਸੂਬਾ ਵੀ ਬਣ ਸਕਦਾ ਹੈ। ਸ੍ਰੀਮਤੀ ਸੋਲੰਕੀ ਨੇ ਕਿਹਾ ਕਿ ਦਵਾਈਆਂ ਦੇ ਨਿਰਮਾਣ ਵਿਚ ਅਫ਼ੀਮ ਦੀ ਵਰਤੋਂ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਹੈ, ਇਸ ਲਈ ਅਜਿਹਾ ਕਰਨਾ ਕੋਈ ਗ਼ਲਤ ਗੱਲ ਨਹੀਂ ਹੋਵੇਗੀ। ਪੰਜਾਬ ਵਿਚ ਨਸ਼ਾਖੋਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੂੰ ਕੈਮੀਕਲ ਯੁਕਤ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਲੋੜ ਹੈ। ਹਰ ਰੋਜ਼ ਪੰਜਾਬ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਕੈਮੀਕਲ ਯੁਕਤ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਕਵਿਤਾ ਸੋਲੰਕੀ ਨੇ ਕਿਹਾ ਕਿ ਜਿਵੇਂ ਹੁਣ ਤੋਂ ਹੀ ਮਾਹੌਲ ਬਣਦਾ ਜਾ ਰਿਹਾ ਹੈ, 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਜੇਕਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਪਹਿਲ ਦੇ ਆਧਾਰ ’ਤੇ ਇਕ ਖ਼ਾਕਾ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਜੋ ਸੂਬੇ ਵਿਚ ਕੇਂਦਰ ਦੀ ਮਨਜ਼ੂਰੀ ਨਾਲ ਕਾਨੂੰਨੀ ਤੌਰ ’ਤੇ ਅਫ਼ੀਮ ਦੀ ਖੇਤੀ ਕੀਤੀ ਜਾ ਸਕੇ। ਸ੍ਰੀਮਤੀ ਸੋਲੰਕੀ ਨੇ ਕਿਹਾ ਕਿ ਉਹ ਖ਼ੁਦ ਨਸ਼ਿਆਂ ਦੇ ਖ਼ਿਲਾਫ਼ ਹਨ ਪਰ ਇਹ ਪ੍ਰਚੱਲਿਤ ਹੈ ਕਿ ਜ਼ਿਆਦਾਤਰ ਜੀਵਨ ਰੱਖਿਅਕ ਦਵਾਈਆਂ ਦੇ ਨਿਰਮਾਣ ਵਿਚ ਅਫ਼ੀਮ ਦੀ ਵਰਤੋਂ ਕੀਤੀ ਜਾਂਦੀ ਹੈ। ਜੇਕਰ ਪੰਜਾਬ ਅਫ਼ੀਮ ਉਤਪਾਦਕ ਸੂਬਾ ਬਣਦਾ ਹੈ ਤਾਂ ਦਵਾਈਆਂ ਦੇ ਨਿਰਮਾਣ ਲਈ ਲੋੜ ਅਨੁਸਾਰ ਸ਼ੁੱਧ ਅਫ਼ੀਮ ਪ੍ਰਾਪਤ ਕਰਨ ਲਈ ਸਾਨੂੰ ਦੂਜੇ ਸੂਬਿਆਂ ਵੱਲ ਨਹੀਂ ਦੇਖਣਾ ਪਵੇਗਾ।