ਅਬੋਹਰ, 24 ਜੂਨ (ਵਿਵੇਕ ਹੂੜੀਆ)-ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਐੱਨ.ਐੱਚ.ਐੱਮ.ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਤੀਜੇ ਦਿਨ ਵੀ ਜਾਰੀ ਰਹੀ। ਪੰਜਾਬ ਭਰ ਦੇ ਆਯੂਸ਼ਮਾਨ ਅਰੋਗਿਆ ਕੇਂਦਰਾਂ ਦੇ ਕਰੀਬ 2500 ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ, ਜਿਸ ਕਾਰਨ ਰੋਜ਼ਾਨਾ ਲਗਭਗ 7 ਤੋਂ 8 ਹਜ਼ਾਰ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਕਈ ਵਾਰ ਮੰਗ ਪੱਤਰ ਵੀ ਸੌਂਪੇ ਗਏ, ਪਰ ਹੁਣ ਤੱਕ ਕਿਸੇ ਵੀ ਮੰਗ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਇਸੇ ਵਤੀਰੇ ਦੇ ਰੋਸ ਵਜੋਂ 22 ਜੂਨ ਤੋਂ ਇਹ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਹਾਲੇ ਤੱਕ ਇਸ ਮਾਮਲੇ ਵਿਚ ਕੋਈ ਗੰਭੀਰ ਪਹਿਲਕਦਮੀ ਨਹੀਂ ਦਿਖਾਈ ਅਤੇ ਨਾ ਹੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੋਈ ਸਾਰਥਿਕ ਗੱਲਬਾਤ ਕੀਤੀ ਗਈ ਹੈ। ਹੜਤਾਲ ਕਾਰਨ ਪੰਜਾਬ ਭਰ ਵਿਚ ਆਯੂਸ਼ਮਾਨ ਅਰੋਗਿਆ ਕੇਂਦਰਾਂ, ਐੱਨ.ਸੀ.ਡੀ. ਸਕਰੀਨਿੰਗ, ਟੀ.ਬੀ.ਪ੍ਰੋਗਰਾਮ, ਓ.ਪੀ.ਡੀ. ਸੇਵਾਵਾਂ ਅਤੇ ਹੋਰ ਕਈ ਅਹਿਮ ਸਿਹਤ ਸੇਵਾਵਾਂ ਠੱਪ ਹੋ ਕੇ ਰਹਿ ਗਈਆਂ ਹਨ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢਿਆ ਤਾਂ 2 ਜੁਲਾਈ 2026 ਨੂੰ ਮੁੱਖ ਮੰਤਰੀ ਪੰਜਾਬ ਦੇ ਸੰਗਰੂਰ ਸਥਿਤ ਨਿਵਾਸ ਸਥਾਨ ਦੇ ਬਾਹਰ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਮੌਕੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਕਮਿਊਨਿਟੀ ਹੈਲਥ ਅਫ਼ਸਰ ਅਤੇ ਐੱਨ.ਐੱਚ.ਐੱਮ. ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ।