ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਅਤੇ ਹੋਰਨਾਂ ਜਥੇਬੰਦੀਆਂ ਦਾ ਇਕ ਸਾਂਝਾ ਵਫ਼ਦ ਐੱਸ.ਐੱਸ.ਪੀ.ਫ਼ਾਜ਼ਿਲਕਾ ਗਗਨ ਅਜੀਤ ਸਿੰਘ ਨੂੰ ਮਿਲਿਆ। ਵਫ਼ਦ ਵਲੋਂ ਪਿੰਡ ਬੱਗੇ ਕੇ ਹਿਠਾੜ ਦੇ ਕਿਸਾਨ ਬਲਵੀਰ ਸਿੰਘ ਅਤੇ ਉਸ ਦੇ ਪਰਿਵਾਰ ’ਤੇ ਕੀਤੇ ਗਏ ਕਥਿਤ ਨਜਾਇਜ਼ ਪਰਚੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਅਦਾਲਤ ਦੇ ਸਟੇਟਸ ਕੋ ਦੀ ਉਲੰਘਣਾ ਕਰਨ ਵਾਲੀ ਧਿਰ, ਪਿੰਡ ਦੀ ਪੰਚਾਇਤ, ਮਾਲ ਮਹਿਕਮੇ ਅਤੇ ਥਾਣਾ ਸਦਰ ਦੇ ਉਨ੍ਹਾਂ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਗਈ, ਜਿਨ੍ਹਾਂ ਨੇ ਕਿਸਾਨ ਨੂੰ ਨਜਾਇਜ਼ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਪਿੰਡ ਬੱਘੇ ਕੇ ਦੇ ਕਿਸਾਨ ਬਲਵੀਰ ਸਿੰਘ ਨੇ ਆਪਣੀ ਜ਼ਮੀਨ ਸਬੰਧੀ ਅਦਾਲਤ ਤੋਂ 17 ਅਪ੍ਰੈਲ 2025 ਨੂੰ ਸਟੇਟਸ ਕੋ ਲਿਆ ਹੋਇਆ ਸੀ। ਇਸ ਦੇ ਬਾਵਜੂਦ 14 ਮਈ 2025 ਨੂੰ ਪਿੰਡ ਦੀ ਪੰਚਾਇਤ ਵਲੋਂ ਮਾਲ ਮਹਿਕਮੇ ਤੋਂ ਨਿਸ਼ਾਨਦੇਹੀ ਕਰਵਾ ਕੇ ਉੱਥੇ ਬੁਰਜੀਆਂ ਲਗਾਈਆਂ ਗਈਆਂ। ਇਸ ਦੌਰਾਨ ਦੂਜੀ ਧਿਰ ਵਲੋਂ ਬਲਵੀਰ ਸਿੰਘ ਦੀ ਕੁੱਟਮਾਰ ਵੀ ਕੀਤੀ ਗਈ। ਪਰ ਥਾਣਾ ਸਦਰ ਦੀ ਪੁਲਿਸ ਨੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ, ਉਲਟਾ ਸਿਆਸੀ ਦਬਾਅ ਹੇਠ ਆ ਕੇ ਬਲਵੀਰ ਸਿੰਘ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਸਮੇਤ ਅੱਠ ਮੈਂਬਰਾਂ ’ਤੇ ਬੀ.ਐੱਨ.ਐੱਸ. ਦੀ ਧਾਰਾ 329 ਤਹਿਤ ਪਰਚਾ ਦਰਜ ਕਰ ਦਿੱਤਾ। ਵਫ਼ਦ ਨੇ ਦੋਸ਼ ਲਾਇਆ ਕਿ ਇਕ ਥਾਣੇਦਾਰ ਨੇ ਬਲਵੀਰ ਸਿੰਘ ਨੂੰ ਜਲਾਲਾਬਾਦ ਦੇ ਬੱਸ ਸਟੈਂਡ ਤੋਂ ਗੱਲਬਾਤ ਦੇ ਬਹਾਨੇ ਬੁਲਾ ਕੇ ਨਜਾਇਜ਼ ਤਰੀਕੇ ਨਾਲ ਥਾਣੇ ਲਿਜਾ ਕੇ ਗ੍ਰਿਫ਼ਤਾਰ ਕੀਤਾ, ਜੋ ਕਿ ਸਰਾਸਰ ਧੱਕੇਸ਼ਾਹੀ ਹੈ। ਇਸ ਮੌਕੇ ਵਫ਼ਦ ਵਿਚ ਸ਼ਾਮਿਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਰਾਜ ਕੌਰ ਚੱਕ ਸੈਦੋ ਕੇ ਅਤੇ ਡੀ.ਟੀ.ਐੱਫ. ਦੇ ਜਨਰਲ ਸਕੱਤਰ ਮਹਿੰਦਰ ਕੌੜਿਆਵਾਲੀ ਨੇ ਕਿਹਾ ਕਿ ਪੀੜਤ ਪਰਿਵਾਰ ਨਾਲ ਵਾਪਰੀ ਇਹ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਨਜਾਇਜ਼ ਪਰਚਾ ਤੁਰੰਤ ਰੱਦ ਕੀਤਾ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਐੱਸ.ਐੱਸ.ਪੀ. ਫ਼ਾਜ਼ਿਲਕਾ ਵਲੋਂ ਵਫ਼ਦ ਨੂੰ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾ ਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।