ਫ਼ਾਜ਼ਿਲਕਾ, 27 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਜਲਾਲਾਬਾਦ ਦੀਆਂ 5 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਲਈ ਕੁੱਲ 102 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ ਜਿਸ ਵਿਚੋਂ 26 ਜੂਨ ਨੂੰ ਬੀਤੇ ਦਿਨ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 1 ਨਾਮਜ਼ਦਗੀ ਪੱਤਰ ਰੱਦ ਹੋਇਆ ਹੈ ’ਤੇ 27 ਜੂਨ ਨੂੰ 22 ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਇਸ ਪ੍ਰਕਾਰ ਹੁਣ ਕੁੱਲ 79 ਉਮੀਦਵਾਰ ਚੋਣ ਲੜਨ ਲਈ ਮੈਦਾਨ ਵਿਚ ਉੱਤਰਨਗੇ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਣ ਜਲਾਲਾਬਾਦ ਤੋਂ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ 17, ਭਾਜਪਾ ਦੇ 17, ਕਾਂਗਰਸ ਦੇ 17, ਅਕਾਲੀ ਦਲ ਦੇ 17 ਅਤੇ 11 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿਚ ਉੱਤਰਨਗੇ, ਸੋ ਇਸ ਪ੍ਰਕਾਰ ਕੁੱਲ 79 ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜਲਾਲਾਬਾਦ ਵਿਚ ਕੁੱਲ 17 ਵਾਰਡਾਂ ਦੇ 33 ਪੋਲਿੰਗ ਬੂਥ ਬਣਾਏ ਗਏ ਹਨ। ਜਿੱਥੇ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਜਲਾਲਾਬਾਦ ਦੇ ਸਾਰੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।