ਫ਼ਾਜ਼ਿਲਕਾ, 30 ਜੂਨ (ਦਵਿੰਦਰ ਪਾਲ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਪੰਜਾਬ ਵਲੋਂ ਸੂਬੇ ਦੇ ਬੇਜ਼ਮੀਨੇ ਅਤੇ ਸਾਧਨਹੀਨ ਪੇਂਡੂ ਕਿਰਤੀਆਂ ਦੇ ਭਖਦੇ ਮਸਲਿਆਂ ਅਤੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਇਕ ਵਿਸਤਰਿਤ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਸੌਂਪਿਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਬਖ਼ਤਾਵਰ ਸਿੰਘ, ਰਿਸ਼ੀਪਾਲ, ਭਰਪੂਰ ਸਿੰਘ, ਰਮੇਸ਼ ਵਡੇਰਾ, ਜੱਗਾ ਸਿੰਘ, ਬਲਜੀਤ ਸਿੰਘ, ਕੂਕਾ ਸਿੰਘ, ਬਲਵੀਰ ਸਿੰਘ, ਗਿਆਨ ਸਿੰਘ, ਰਜਿੰਦਰ ਕੁਮਾਰ, ਰਾਜਦੀਪ ਸਿੰਘ, ਮਦਨ ਲਾਲ, ਕੁਲਵੰਤ ਸਿੰਘ, ਰਾਜੂ ਸਿੰਘ, ਪ੍ਰੇਮ ਮੀਤ ਆਦਿ ਨੇ ਸਰਕਾਰ ਖ਼ਿਲਾਫ਼ ਤਿੱਖੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਮਹਿਜ਼ ਫੋਕੇ ਐਲਾਨਾਂ ਨਾਲ ਸਾਰਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਨਿਆਂ-ਸੰਗਤ ਮੰਗਾਂ ਦੇ ਹੱਲ ਲਈ ਤੁਰੰਤ ਉੱਚ ਪੱਧਰੀ ਮੀਟਿੰਗ ਸੱਦੀ ਜਾਵੇ। ਮੰਗ ਪੱਤਰ ਵਿਚ ਸੂਬੇ ਅੰਦਰ ਨਸ਼ਿਆਂ ਦੇ ਵਧ ਰਹੇ ਪ੍ਰਕੋਪ ’ਤੇ ਚਿੰਤਾ ਪ੍ਰਗਟਾਉਂਦਿਆਂ ਨਸ਼ਾ ਤਸਕਰਾਂ, ਸਿਆਸਤਦਾਨਾਂ ਅਤੇ ਪੁਲਿਸ ਦੇ ਗੱਠਜੋੜ ਨੂੰ ਤੋੜ ਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਸਰਕਾਰੀ ਸਕੂਲਾਂ ਤੇ ਹਸਪਤਾਲਾਂ ਵਿਚ ਰੈਗੂਲਰ ਭਰਤੀ ਕਰਨ, ਨਵੀਂ ਵਿੱਦਿਅਕ ਨੀਤੀ 2020 ਰੱਦ ਕਰਨ, ਮੁਫ਼ਤ ਦਵਾਈਆਂ ਤੇ ਇਲਾਜ ਦਾ ਪ੍ਰਬੰਧ ਕਰਨ ਅਤੇ ਮਜ਼ਦੂਰ ਵਿਰੋਧੀ ਕਿਰਤ ਕਾਨੂੰਨਾਂ ਦੀਆਂ ਸੋਧਾਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ ਗਈ। ਇਸ ਮੰਗ ਪੱਤਰ ਨੂੰ ਸੌਂਪਣ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਸਭਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਮੇਤ ਕਈ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।