ਅਬੋਹਰ, 1 ਜੁਲਾਈ (ਵਿਵੇਕ ਹੂੜੀਆ)-ਸਥਾਨਕ ਸ਼ਹਿਰ ਅੰਦਰ ਚੋਰੀ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ। ਤਾਜ਼ਾ ਮਾਮਲਾ ਅਬੋਹਰ ਦੇ ਸਿਟੀ ਟੂ ਪੁਲਿਸ ਥਾਣੇ ਦੇ ਅਧੀਨ ਆਉਂਦੇ ਹਨੂਮਾਨਗੜ੍ਹ ਰੋਡ ਤੋਂ ਸਾਹਮਣੇ ਆਇਆ ਹੈ, ਜਿੱਥੇ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਇਕ ਕਰਿਆਨਾ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਸਾਮਾਨ ਅਤੇ ਨਕਦੀ ’ਤੇ ਹੱਥ ਸਾਫ਼ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਵਿਚ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੀੜਤ ਦੁਕਾਨਦਾਰ ਸੁਧੀਰ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਬੁੱਧਵਾਰ ਸਵੇਰੇ ਉਸ ਦੇ ਗੁਆਂਢੀ ਦੁਕਾਨਦਾਰ ਨੇ ਫ਼ੋਨ ਰਾਹੀਂ ਸੂਚਨਾ ਦਿੱਤੀ ਕਿ ਉਸ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ। ਸੂਚਨਾ ਮਿਲਦੇ ਹੀ ਜਦੋਂ ਉਹ ਮੌਕੇ ’ਤੇ ਪਹੁੰਚਿਆ ਅਤੇ ਸ਼ਟਰ ਚੁੱਕ ਕੇ ਦੇਖਿਆ ਤਾਂ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰ ਦੁਕਾਨ ਵਿਚੋਂ ਮਹਿੰਗੇ ਭਾਅ ਦੀ ਚਾਹ ਪੱਤੀ, ਦੇਸੀ ਘਿਓ, ਸਰ੍ਹੋਂ ਦਾ ਤੇਲ, ਬੀੜੀ-ਸਿਗਰਟ ਅਤੇ ਹੋਰ ਕੀਮਤੀ ਕਰਿਆਨਾ ਸਾਮਾਨ ਚੋਰੀ ਕਰਕੇ ਲੈ ਗਏ। ਇਸ ਤੋਂ ਇਲਾਵਾ ਗੱਲੇ ਵਿਚ ਪਈ ਕਰੀਬ 5 ਹਜ਼ਾਰ ਰੁਪਏ ਦੀ ਨਕਦੀ ਵੀ ਗ਼ਾਇਬ ਸੀ। ਪੀੜਤ ਮੁਤਾਬਿਕ ਇਸ ਚੋਰੀ ਕਾਰਨ ਉਸ ਦਾ ਕਰੀਬ ਇਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਤੁਰੰਤ ਸਿਟੀ ਟੂ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਆਸ-ਪਾਸ ਦੀਆਂ ਦੁਕਾਨਾਂ ਅਤੇ ਬਾਜ਼ਾਰ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਚੋਰਾਂ ਦਾ ਕੋਈ ਸੁਰਾਗ ਲਗਾਇਆ ਜਾ ਸਕੇ। ਸਥਾਨਕ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਲਗਾਤਾਰ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਧ ਰਹੀਆਂ ਹਨ, ਜਿਸ ਕਾਰਨ ਵਪਾਰੀ ਵਰਗ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਦੁਕਾਨ ਦੇ ਨੇੜੇ ਹੀ ਕਲੀਨਿਕ ਚਲਾਉਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਬੀਤੇ ਦਿਨ ਹੀ ਉਸ ਦੀ ਦੁਕਾਨ ਵਿਚੋਂ ਵੀ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਹੋ ਗਈ ਸੀ। ਸਮੂਹ ਵਪਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿਚ ਰਾਤ ਦੀ ਗਸ਼ਤ ਵਧਾਈ ਜਾਵੇ ਅਤੇ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।