ਅਬੋਹਰ, 1 ਜੁਲਾਈ (ਵਿਵੇਕ ਹੂੜੀਆ)-ਸਥਾਨਕ ਹਨੂਮਾਨਗੜ੍ਹ ਰੋਡ ’ਤੇ ਬੀਤੀ ਦੇਰ ਰਾਤ ਇਕ ਮੋਟਰਸਾਈਕਲ ਅਤੇ ਪਾਣੀ ਵਾਲੇ ਆਟੋ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇਕ 20 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦੋਂ ਕਿ ਹਾਦਸੇ ਵਿਚ ਆਟੋ ਚਾਲਕ ਸਮੇਤ ਦੋ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਹੋਰ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਥਾਣਾ ਸਿਟੀ ਵਨ ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੁੰਡਲ ਦਾ ਰਹਿਣ ਵਾਲਾ ਕਰੀਬ 20 ਸਾਲਾ ਨੌਜਵਾਨ ਦਲਜੀਤ ਸਿੰਘ ਪੁੱਤਰ ਸਵ.ਗੁਰਮੀਤ ਸਿੰਘ ਬੀਤੀ ਰਾਤ ਆਪਣੇ ਸਾਥੀ ਅਵਨੀਤ ਸਿੰਘ ਪੁੱਤਰ ਟਹਿਲ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ਼ਹਿਰ ਤੋਂ ਹਨੂਮਾਨਗੜ੍ਹ ਰੋਡ ਵੱਲ ਜਾ ਰਿਹਾ ਸੀ। ਇਸੇ ਦੌਰਾਨ ਪੰਜਾਬ ਪੈਲੇਸ ਵਿਚ ਪਾਣੀ ਦੀ ਸਪਲਾਈ ਛੱਡ ਕੇ ਵਾਪਸ ਆ ਰਹੇ ਇਕ ਆਟੋ ਨਾਲ ਪੁਲ ਦੇ ਉੱਪਰ ਹੀ ਉਨ੍ਹਾਂ ਦੀ ਸਿੱਧੀ ’ਤੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਅਤੇ ਆਟੋ ਚਾਲਕ ਕੇਸ਼ਵ ਪੁੱਤਰ ਮੂਲਚੰਦ ਵਾਸੀ ਈਦਗਾਹ ਬਸਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਸਾਰੇ ਜ਼ਖ਼ਮੀਆਂ ਨੂੰ ਸਥਾਨਕ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦਲਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਅਵਨੀਤ ਸਿੰਘ ਅਤੇ ਆਟੋ ਚਾਲਕ ਕੇਸ਼ਵ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਵਲੋਂ ਰੈਫ਼ਰ ਕਰ ਦਿੱਤਾ ਗਿਆ। ਨੌਜਵਾਨ ਦੀ ਬੇਵਕਤੀ ਮੌਤ ਕਾਰਨ ਪਿੰਡ ਕੁੰਡਲ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਥਾਣਾ ਸਿਟੀ ਵਨ ਦੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਦੁਖਦਾਈ ਘਟਨਾ ’ਤੇ ਪਿੰਡ ਕੁੰਡਲ ਦੇ ਸਰਪੰਚ ਮਿੰਕੂ ਕੁੰਡਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।