ਤਲਵੰਡੀ ਭਾਈ, 1 ਜੁਲਾਈ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਦਾਖ਼ਲੇ ਸਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਕਾਲਜ ਪ੍ਰਿੰਸੀਪਲ ਪ੍ਰੋਫੈਸਰ ਰਾਜਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿਚ ਬੀ.ਏ, ਬੀ.ਕਾਮ, ਬੀ.ਐੱਸ.ਸੀ ਸਾਇੰਸ, ਬੀ.ਐੱਸ.ਸੀ ਫ਼ੈਸ਼ਨ ਡਿਜ਼ਾਇਨਿੰਗ, ਐਮ.ਕਾਮ ਆਦਿ ਲਈ ਦਾਖ਼ਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਉੱਚ ਪੱਧਰੀ ਲੈਬਾਂ, ਵਿਸ਼ਾਲ ਲਾਇਬੇ੍ਰਰੀ, ਆਈ.ਟੀ.ਸੀ ਲੈਬ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ’ਤੇ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ ਤਾਂ ਕਿ ਉਹ ਪੜ੍ਹਾਈ ਤੋਂ ਵਾਂਝੇ ਨਾ ਰਹਿ ਸਕਣ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਕਾਲਰਸ਼ਿਪ ਵੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਬੀ.ਏ ਦੇ ਵਿਦਿਆਰਥੀਆਂ ਲਈ ਸੀ.ਸੀ.ਐਲ.ਪੀ. ਰਾਹੀਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 60 ਫ਼ੀਸਦੀ ਜਾਂ ਇਸ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਅਤੇ ਹੋਰ ਮੁਕਾਬਲਿਆਂ ਦੀ ਤਿਆਰੀ ਵਿਚ ਵੱਡਾ ਲਾਭ ਮਿਲੇਗਾ। ਸਰਕਾਰ ਵਲੋਂ ਐੱਸ.ਸੀ, ਬੀ.ਸੀ ਅਤੇ ਸਿੱਖ ਮਨਿਉਰਿਟੀ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਮਿਲਣ ਵਾਲੀਆਂ ਸਕਾਲਰਸ਼ਿਪ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੇ ਯਤਨਾਂ ਸਦਕਾ ਦੋ ਅਕੈਡਮੀਆਂ ਨਿਸ਼ਚੇ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਚੰਡੀਗੜ੍ਹ ਅਤੇ ਨਿਸ਼ਚੇ ਜੁਡੀਸ਼ੀਅਲ ਸੇਵਾਵਾਂ ਅਕੈਡਮੀ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚ ਸੰਸਥਾ ਦੇ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਹਾਸਿਲ ਕਰ ਸਕਦੇ ਹਨ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਸਾਡੀ ਸੰਸਥਾ ਦਾ ਉਦੇਸ਼ ਸਿਰਫ਼ ਡਿਗਰੀ ਦੇਣਾ ਨਹੀਂ, ਸਗੋਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਅਤੇ ਹੁਨਰਾਂ ਵਿਚ ਵਾਧਾ ਕਰਨਾ ਹੈ ਤਾਂ ਜੋ ਉਹ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਹੋ ਸਕਣ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਦਾਖਲਾ ਪ੍ਰਕਿਰਿਆ ਪੂਰੀ ਕਰਨ ਅਤੇ ਇਸ ਵਿੱਦਿਅਕ ਸੰਸਥਾ ਦਾ ਹਿੱਸਾ ਬਣ ਕੇ ਆਪਣੇ ਭਵਿੱਖ ਨੂੰ ਸੰਵਾਰਨ। ਐੱਸ.ਜੀ.ਪੀ.ਸੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਭਾਈ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।