ਫ਼ਾਜ਼ਿਲਕਾ, 2 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬਨਵਾਲਾ ਹਨਵੰਤਾ ਤੋਂ 2 ਬੱਸਾਂ ਅਤੇ ਪਿੰਡ ਰਾਮਪੁਰਾ ਤੋਂ 1 ਬੱਸ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਲਕਾ ਫ਼ਾਜ਼ਿਲਕਾ ਵਿਚ ਹੁਣ ਤੱਕ 80 ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ।ਇਸ ਮੌਕੇ ਉਨ੍ਹਾਂ ਨਾਲ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ , ਦੁਰਗਿਆਨਾ ਮੰਦਿਰ, ਜਲਿਆ ਵਾਲਾ ਬਾਗ਼, ਰਾਮ ਤੀਰਥ ਮੰਦਿਰ ਅਤੇ ਕਈ ਗੁਰੂ ਧਾਮਾਂ ਦੇ ਦਰਸ਼ਨ ਕਰਨਗੇ੍ਟ ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ ਦਾ ਵਧੀਆ ਤੇ ਮੁਫ਼ਤ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ। ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਅੰਮਿਤ ਰਿਣਵਾ, ਸਰਪੰਚ ਗਗਨ ਸਿੰਘ, ਬਲਾਕ ਪ੍ਰਧਾਨ ਧਰਮਵੀਰ, ਗਗਨਦੀਪ ਆਦਿ ਹਾਜ਼ਰ ਸਨ।