ਜਲਾਲਾਬਾਦ, 3 ਜੁਲਾਈ (ਕਰਨ ਚੁਚਰਾ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰਜ਼ ਭਵਨ ਜਲਾਲਾਬਾਦ ਵਿਖੇ ਪ੍ਰਧਾਨ ਦੂਣੀ ਚੰਦ ਬਤਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਜਨਰਲ ਸਕੱਤਰ ਰਾਜ ਕੁਮਾਰ ਸਿਵਾਨ ਵਲੋਂ ਹਾਜ਼ਰ ਸਾਰੇ ਮੈਂਬਰਾਂ ਨੂੰ ਜੀ ਆਇਆਂ ਕਹਿ ਕੇ ਕੀਤੀ ਗਈ। ਇਸ ਮੌਕੇ ਨਿਰਮਲ ਜੀਤ ਸਿੰਘ ਬਰਾੜ ਨੇ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਤਿੱਖੀ ਨਿਖੇਧੀ ਕਰਦਿਆਂ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ। ਖ਼ਜ਼ਾਨਚੀ ਸਤੀਸ਼ ਕੁਮਾਰ ਚਰਾਇਆ ਨੇ ਆਪਣੇ ਸੰਬੋਧਨ ਵਿਚ ਡੀ.ਏ. ਪ੍ਰਤੀ ਸਰਕਾਰ ਦੇ ਦੋਹਰੇ ਮਾਪਦੰਡਾਂ ’ਤੇ ਚੋਟ ਕਰਦਿਆਂ ਕਿਹਾ ਕਿ ਸਰਕਾਰ ਇਕ ਪਾਸੇ ਲੋਕਾਂ ਨੂੰ ਲੁਭਾਉਣ ਵਾਲੀਆਂ ਨੀਤੀਆਂ ਲਾਗੂ ਕਰ ਰਹੀ ਹੈ, ਪਰ ਜਦੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਗੱਲ ਆਉਂਦੀ ਹੈ ਤਾਂ ਖ਼ਜ਼ਾਨਾ ਖ਼ਾਲੀ ਹੋਣ ਦਾ ਬਹਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਐਕਟਿੰਗ ਚੀਫ਼ ਜਸਟਿਸ ਵਲੋਂ 8 ਜੁਲਾਈ ਨੂੰ ਡੀ.ਏ.ਦੇ ਕੇਸ ਦੀ ਸੁਣਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਹਾਜ਼ਰ ਸਾਥੀਆਂ ਨੂੰ ਜੂਨ ਦੀ ਪੈਨਸ਼ਨ, ਐੱਲ.ਟੀ.ਸੀ.ਅਤੇ ਬਕਾਏ ਬਾਰੇ ਵੀ ਅਹਿਮ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਨੂੰ ਅੱਗੇ ਵਧਾਉਂਦਿਆਂ ਪ੍ਰਧਾਨ ਦੂਣੀ ਚੰਦ ਬਤਰਾ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਸੁਣਵਾਈ ਦੌਰਾਨ ਕੋਈ ਹਾਂ-ਪੱਖੀ ਹੁੰਗਾਰਾ ਨਾ ਭਰਿਆ ਤਾਂ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮਿਤੀ 17 ਜੁਲਾਈ ਨੂੰ ਮੁੱਖ ਮੰਤਰੀ ਨਿਵਾਸ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੀਟਿੰਗ ਵਿਚ ਗੁਰਦੀਪ ਸਿੰਘ ਛਾਬੜਾ, ਪ੍ਰਕਾਸ਼ ਦੋਸ਼ੀ, ਸੁਰਜੀਤ ਸਿੰਘ, ਸੁਭਾਸ਼ ਮਦਾਨ, ਬਲਬੀਰ ਸਿੰਘ, ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਸਾਥੀ ਹਾਜ਼ਰ ਸਨ।