ਫ਼ਾਜ਼ਿਲਕਾ, 6 ਜੁਲਾਈ (ਦਵਿੰਦਰ ਪਾਲ ਸਿੰਘ)-ਹਰ ਘਰ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਦੇ ਉਦੇਸ਼ ਨਾਲ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਰਜਿਸਟਰੇਸ਼ਨ ਅਤੇ ‘ਐੱਚ.ਪੀ.ਵੀ.ਵੈਕਸੀਨੇਸ਼ਨ’ ਮੁਹਿੰਮ ਵਿਚ ਤੇਜ਼ੀ ਲਿਆਉਣ ਲਈ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਧਾਨਗੀ ਹੇਠ ਅਰਬਨ ਫ਼ਾਜ਼ਿਲਕਾ ਦੀਆਂ ਸਮੂਹ ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਬੈਠਕ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ, ਜ਼ਿਲ੍ਹਾ ਆਸ਼ਾ ਕੋਆਰਡੀਨੇਟਰ ਵਨੀਤਾ ਅਤੇ ਕੰਪਿਊਟਰ ਅਸਿਸਟੈਂਟ ਸ਼ਵੇਤਾ ਨਾਗਪਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਬੈਠਕ ਦੌਰਾਨ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਸਮੂਹ ਸਟਾਫ਼ ਨੂੰ ਲੋਕਾਂ ਨੂੰ ਪ੍ਰੇਰਿਤ ਕਰਕੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਕਾਮਨ ਸਰਵਿਸ ਸੈਂਟਰਾਂ ’ਤੇ ਇਹ ਕਾਰਡ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਕਿਸੇ ਵੀ ਬਿਮਾਰੀ ਦੇ ਸਮੇਂ ਮਰੀਜ਼ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਦਾਖ਼ਲ ਹੋ ਕੇ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਕਰਵਾ ਸਕਣ। ਉਨ੍ਹਾਂ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਜਾਗਰੂਕ ਕਰਕੇ ਇਸ ਯੋਜਨਾ ਤਹਿਤ ਜਲਦ ਤੋਂ ਜਲਦ ਰਜਿਸਟਰੇਸ਼ਨ ਕਰਵਾਈ ਜਾਵੇ ਤਾਂ ਜੋ ਗੰਭੀਰ ਬਿਮਾਰੀਆਂ, ਸਰਜਰੀ ਅਤੇ ਐਮਰਜੈਂਸੀ ਦੇ ਸਮੇਂ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਬਣਾਏ ਜਾ ਰਹੇ ਕਾਰਡਾਂ ਦਾ ਪੂਰਾ ਰਿਕਾਰਡ ਵੀ ਸੰਭਾਲ ਕੇ ਰੱਖਿਆ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਲੱਗਣ ਵਾਲੀ ਐੱਚ.ਪੀ.ਵੀ.ਵੈਕਸੀਨੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।