ਫ਼ਾਜ਼ਿਲਕਾ, 9 ਜੁਲਾਈ (ਦਵਿੰਦਰ ਪਾਲ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫ਼ਾਜ਼ਿਲਕਾ ਪੁਲਿਸ ਵਲੋਂ 29 ਵੱਖ-ਵੱਖ ਮਾਮਲਿਆਂ ’ਚ ਬਰਾਮਦ ਕੀਤੇ ਗਏ ਕਰੋੜਾਂ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥਾਂ ਨੂੰ ਪੂਰੀ ਕਾਨੂੰਨੀ ਪ੍ਰਕਿਰਿਆ ਤਹਿਤ ਨਸ਼ਟ ਕਰ ਦਿੱਤਾ ਗਿਆ। ਨਸ਼ਟ ਕੀਤੇ ਗਏ ਇਨ੍ਹਾਂ ਪਦਾਰਥਾਂ ਵਿਚ ਕਰੋੜਾਂ ਰੁਪਏ ਦੀ ਹੈਰੋਇਨ, ਚੂਰਾ ਪੋਸਤ, ਹਰਾ ਪੋਸਤ, ਨਸ਼ੀਲੀਆਂ ਗੋਲੀਆਂ ਅਤੇ ਗਾਂਜਾ ਸ਼ਾਮਿਲ ਸਨ। ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜਿੱਥੇ ਮੁਲਜ਼ਮਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਰਿਹਾ ਹੈ, ਉੱਥੇ ਹੀ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਪੱਧਰੀ ਡਰੱਗ ਡਿਸਪੋਜ਼ਲ ਕਮੇਟੀ ਦੇ ਮੈਂਬਰਾਂ ਦੀ ਨਿਗਰਾਨੀ ਹੇਠ ਐੱਨ.ਡੀ.ਪੀ.ਐੱਸ. ਐਕਟ ਦੇ ਕੁੱਲ 29 ਮੁਕੱਦਮਿਆਂ ਨਾਲ ਸਬੰਧਿਤ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ ਹੈ। ਪੁਲਿਸ ਵਲੋਂ 4 ਕਿੱਲੋ 91 ਗਰਾਮ ਹੇਰੋਇਨ, 70 ਕਿੱਲੋ 800 ਗਰਾਮ ਚੂਰਾ ਪੋਸਤ, 33 ਕਿੱਲੋ 500 ਗਰਾਮ ਹਰਾ ਪੋਸਤ, 1430 ਨਸ਼ੀਲੀਆਂ ਗੋਲੀਆਂ ਅਤੇ 767 ਗਰਾਮ ਗਾਂਜਾ ਸੜ ਕੇ ਸਵਾਹ ਕਰ ਦਿੱਤਾ ਗਿਆ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਨਸ਼ਾ ਤਸਕਰਾਂ ਨੂੰ ਦੋ-ਟੂਕ ਚੇਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਇਹ ਇਲਾਕਾ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਲੇ ਧੰਦੇ ਵਿਚ ਸ਼ਾਮਿਲ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਲੋਕਾਂ ਦਾ ਅਗਲਾ ਟਿਕਾਣਾ ਸਿਰਫ਼ ਤੇ ਸਿਰਫ਼ ਜੇਲ੍ਹ ਦੀਆਂ ਸਲਾਖ਼ਾਂ ਦੇ ਪਿੱਛੇ ਹੋਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਦੀ ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਸਖ਼ਤੀ ਨਾਲ ਜਾਰੀ ਰਹੇਗੀ।