ਜਲਾਲਾਬਾਦ, 9 ਜੁਲਾਈ(ਜਤਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਚੱਕ ਸੈਦੋ ਕੇ ਇਕਾਈ ਦੀ ਭਰਵੀਂ ਮੀਟਿੰਗ ਇਕਾਈ ਸਕੱਤਰ ਸ਼ਿੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਵਲ਼ੋਂ 22 ਜੁਲਾਈ ਨੂੰ ਦਿੱਤੇ ਸੰਘਰਸ਼ ਦੇ ਸੱਦੇ ਨੂੰ ਪਿੰਡ-ਪਿੰਡ ਤੱਕ ਲੈ ਕੇ ਜਾਣ ਅਤੇ ਵੱਡੀ ਗਿਣਤੀ ਵਿਚ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਰਾਜ ਕੌਰ ਚੱਕ ਸੈਦੋ ਕੇ ਨੇ ਪੰਜਾਬ ਦੀ ਲੈਂਡ ਪੂਲਿੰਗ ਨੀਤੀ, ਬਿਜਲੀ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੋਧਾਂ ਅਤੇ ਮੁਕਤ ਵਪਾਰ ਸਮਝੌਤਿਆਂ ਦੇ ਲੋਕ ਵਿਰੋਧੀ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਦਾ ਸਭ ਤੋਂ ਵੱਧ ਅਸਰ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਉੱਤੇ ਪਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਇਨ੍ਹਾਂ ਮਸਲਿਆਂ ਬਾਰੇ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਉਹ ਆਪਣੇ ਪਰਿਵਾਰਾਂ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਦੀ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 22 ਜੁਲਾਈ ਨੂੰ ਟੋਲ ਪਲਾਜ਼ਾ ਮੁਫ਼ਤ ਕਰਵਾਉਣ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਧਰਨਿਆਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਅਹਿਦ ਕੀਤਾ ਗਿਆ। ਇਸ ਰਾਜਦੀਪ ਕੌਰ, ਇੰਦਰਜੀਤ ਕੌਰ, ਰਾਣੋ, ਅਮਨ, ਗੁਰਵਿੰਦਰ ਕੌਰ, ਕਰਮਜੀਤ ਕੌਰ, ਚਰਨਜੀਤ ਕੌਰ, ਰਾਣੀ, ਗੁਰਮੇਲ ਕੌਰ, ਵੀਰਪਾਲ ਕੌਰ, ਸੰਦੀਪ ਕੌਰ, ਜਸਵੀਰ ਕੌਰ, ਵੀਰਾਂ ਕੋਰ, ਪਾਲ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।