ਫ਼ਾਜ਼ਿਲਕਾ, 9 ਜੁਲਾਈ (ਦਵਿੰਦਰ ਪਾਲ ਸਿੰਘ)-ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੀ ਹੜਤਾਲ ਦੂਜੇ ਦਿਨ ਵਿਚ ਪ੍ਰਵੇਸ਼ ਕਰ ਗਈ ਹੈ। ਨਗਰ ਕੌਂਸਲ ਫ਼ਾਜ਼ਿਲਕਾ ਵਿਖੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵਾਰ-ਵਾਰ ਉਨ੍ਹਾਂ ਨੂੰ ਭਰੋਸਾ ਦੇ ਕੇ ਸਿਰਫ਼ ਸਮਾਂ ਲੰਘਾ ਰਹੀ ਹੈ, ਪਰ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਨੂੰ ਮੁੜ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ। ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਸੀਨੀਅਰ ਉਪ ਪ੍ਰਧਾਨ ਫ਼ਤਿਹ ਚੰਦ ਬੋਹਤ ਨੇ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਲਈ ਧਰਨਾ ਦਿੱਤਾ ਸੀ। ਉਸ ਸਮੇਂ ਸਰਕਾਰ ਨੇ ਇਹ ਭਰੋਸਾ ਦੇ ਕੇ ਧਰਨਾ ਚੁਕਵਾਇਆ ਸੀ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਚੋਣਾਂ ਤੋਂ ਤੁਰੰਤ ਬਾਅਦ ਇਨ੍ਹਾਂ ਨੂੰ ਲਾਗੂ ਕਰ ਦਿੱਤਾ ਜਾਵੇਗਾ ਪਰ ਚੋਣਾਂ ਬੀਤ ਜਾਣ ਅਤੇ ਸਰਕਾਰ ਦੇ ਸੱਤਾ ਵਿਚ ਸਾਢੇ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਅਧਿਕਾਰਤ ਨੋਟੀਫ਼ਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਪੂਰੇ ਪੰਜਾਬ ਵਿਚ ‘ਕੰਮ ਛੱਡੋ’ ਹੜਤਾਲ ਜਾਰੀ ਰਹੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਪੈਨਸ਼ਨ ਬੰਦ ਹੋਣ ਕਾਰਨ ਸੇਵਾਮੁਕਤ ਹੋ ਚੁੱਕੇ ਜਾਂ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਉਨ੍ਹਾਂ ਨੂੰ ਗ੍ਰੈਚੁਟੀ ਜਾਂ ਪੈਨਸ਼ਨ ਦਾ ਕੋਈ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਮਾਂ ਰਹਿੰਦੇ ਯੂਨੀਅਨ ਨਾਲ ਬੈਠਕ ਕਰਕੇ ਮੰਗਾਂ ਦਾ ਪੱਕਾ ਹੱਲ ਕੱਢਿਆ ਜਾਵੇ ਅਤੇ ਜਲਦ ਤੋਂ ਜਲਦ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ।