ਫ਼ਾਜ਼ਿਲਕਾ, 9 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਵਿਚ ‘ਸਪੈਸ਼ਲ ਇੰਟੈਂਸਿਵ ਰਿਵੀਜ਼ਨ’ 2026 ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਉਪ-ਮੰਡਲ ਮੈਜਿਸਟਰੇਟ ਜੁਗਰਾਜ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ 80ਫ਼ਾਜ਼ਿਲਕਾ ਵਿਚ ਐੱਸ.ਆਈ.ਆਰ.ਵੋਟਰ ਜਾਗਰੂਕਤਾ ਮੁਹਿੰਮ ਤਹਿਤ ਫ਼ਾਜ਼ਿਲਕਾ80 ਸਵੀਪ ਟੀਮ ਦੇ ਨੋਡਲ ਅਫ਼ਸਰ ਸਤਿੰਦਰ ਬਤਰਾ ਨੇ ਆਪਣੀ ਟੀਮ ਸਮੇਤ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਦਾ ਦੌਰਾ ਕੀਤਾ। ਉੱਥੇ ਉਨ੍ਹਾਂ ਨੇ ਵਿਦਿਆਰਥਣ ਵੋਟਰਾਂ ਅਤੇ ਸਮੂਹ ਸਟਾਫ਼ ਨਾਲ ਮੁਲਾਕਾਤ ਕਰਕੇ ਵੋਟਰਾਂ ਨੂੰ ਐੱਸ.ਆਈ.ਆਰ.-2026 ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਨੋਡਲ ਅਫ਼ਸਰ ਸਤਿੰਦਰ ਬਤਰਾ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਦੀ ਸਵੈ-ਪੜਤਾਲ ਲਈ ਗਣਨਾ ਫਾਰਮ ਵੰਡੇ ਜਾ ਰਹੇ ਹਨ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਫਾਰਮ ਵਿਚ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਉਮਰ, ਪਤਾ, ਮੋਬਾਈਲ ਨੰਬਰ ਅਤੇ ਆਧਾਰ ਨੰਬਰ ਬਿਲਕੁਲ ਸਹੀ-ਸਹੀ ਦਰਜ ਕਰਨ। ਸ੍ਰੀ ਬਤਰਾ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਸ਼ੁੱਧ ਤੇ ਤਰੁੱਟੀ ਰਹਿਤ ਵੋਟਰ ਸੂਚੀ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੁੰਦੀ ਹੈ, ਇਸ ਲਈ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਫ਼ਾਜ਼ਿਲਕਾ ਸਵੀਪ ਟੀਮ ਦੇ ਮੈਂਬਰ ਸੁਰਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।