ਫ਼ਾਜ਼ਿਲਕਾ, 10 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਢੀ ਮੁਹਿੰਮ ਤਹਿਤ 38 ਕਰੋੜ ਰੁਪਏ ਦੀ ਵੱਡੀ ਲਾਗਤ ਨਾਲ ਬਣ ਰਹੀ ਫਾਜ਼ਿਲਕਾ-ਮਲੋਟ ਸੜਕ ਦੇ ਨਿਰਮਾਣ ਕਾਰਜਾਂ ਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਮੌਕੇ ’ਤੇ ਜਾ ਕੇ ਜਾਇਜ਼ਾ ਲਿਆ ਗਿਆ। ਨਿਰੀਖਣ ਦੌਰਾਨ ਉਨ੍ਹਾਂ ਜਿੱਥੇ ਕੰਮ ਦੀ ਗੁਣਵੱਤਾ ਨੂੰ ਦੇਖਿਆ, ਉੱਥੇ ਹੀ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਫਾਜ਼ਿਲਕਾ-ਮਲੋਟ ਰੋਡ ਦੇ ਨਵੇਂ ਨਿਰਮਾਣ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਮੌਕੇ ’ਤੇ ਮੌਜੂਦ ਪੀ.ਡਬਲਿਊ.ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੜਕ ਨਿਰਮਾਣ ਵਿਚ ਵਰਤੀ ਜਾਣ ਵਾਲੀ ਸਮਗਰੀ ਉੱਚ ਮਿਆਰ ਦੀ ਹੋਣੀ ਚਾਹੀਦੀ ਹੈ ਅਤੇ ਇਹ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾਵੇ।