ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ-ਅਬੋਹਰ ਹਾਈਵੇਅ ’ਤੇ ਪਿੰਡ ਘੱਲੂ ਦੇ ਕੋਲ ਸਥਿਤ ਖੂਈ ਖੇੜਾ ਨਹਿਰ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ। ਮੁੱਢਲੀ ਜਾਂਚ ਮੁਤਾਬਿਕ ਇਹ ਲਾਸ਼ ਕਰੀਬ 10 ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ’ਤੇ ਸਥਾਨਕ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਲਾਸ਼ ਨੂੰ ਨਹਿਰ ’ਚੋਂ ਬਾਹਰ ਕਢਵਾਇਆ, ਜਿਸ ਤੋਂ ਬਾਅਦ ਇਸ ਨੂੰ ਪੋਸਟਮਾਰਟਮ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ। ‘ਨਰ ਸੇਵਾ ਨਰਾਇਣ ਸੇਵਾ ਸਮਿਤੀ’ ਦੇ ਸੇਵਾਦਾਰ ਸੋਨੂੰ ਗਰੋਵਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਵਲੋਂ ਸੂਚਨਾ ਮਿਲੀ ਸੀ ਕਿ ਨਹਿਰ ’ਚ ਇਕ ਲਾਸ਼ ਤੈਰ ਰਹੀ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਲਾਸ਼ ਨੂੰ ਬਾਹਰ ਕੱਢਣ ਦੀ ਸੇਵਾ ਨਿਭਾਈ। ਇਸ ਤੋਂ ਬਾਅਦ ਐਂਬੂਲੈਂਸ ਰਾਹੀਂ ਮ੍ਰਿਤਕ ਦੇਹ ਨੂੰ ਹਸਪਤਾਲ ਪਹੁੰਚਾਇਆ ਗਿਆ। ਮਾਮਲੇ ਸਬੰਧੀ ਜਾਂਚ ਕਰ ਰਹੇ ਪੁਲਿਸ ਮੁਲਾਜ਼ਮ ਮਨਜਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਕਾਫ਼ੀ ਦਿਨ ਪੁਰਾਣੀ ਹੋਣ ਕਾਰਨ ਬੁਰੀ ਤਰ੍ਹਾਂ ਗਲ-ਸੜ ਚੁੱਕੀ ਹੈ। ਇਸੇ ਕਾਰਨ ਫ਼ਿਲਹਾਲ ਮ੍ਰਿਤਕ ਦੀ ਪਛਾਣ ਕਰ ਪਾਉਣਾ ਸੰਭਵ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਦੇ ਸਾਰੇ ਥਾਣਿਆਂ ਨੂੰ ਵੀ ਇਸ ਸਬੰਧੀ ਸੂਚਨਾ ਭੇਜ ਦਿੱਤੀ ਗਈ ਹੈ ਤਾਂ ਜੋ ਲਾਪਤਾ ਲੋਕਾਂ ਦੇ ਰਿਕਾਰਡ ਨਾਲ ਇਸ ਦਾ ਮਿਲਾਣ ਕੀਤਾ ਜਾ ਸਕੇ। ਪੁਲਿਸ ਅਨੁਸਾਰ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ ਅਤੇ ਰਿਪੋਰਟ ਦੇ ਆਧਾਰ ’ਤੇ ਹੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।