ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ਖਸਰਾ-ਰੂਬੇਲਾ ਰੋਕਥਾਮ ਮੁਹਿੰਮ ਤਹਿਤ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਦੇਖਰੇਖ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵੀ ਪਹਿਲੇ ਪੜਾਅ ਦੀ ਸ਼ੁਰੂਆਤ ਪੂਰੇ ਉਤਸ਼ਾਹ ਨਾਲ ਕੀਤੀ ਜਾ ਰਹੀ ਹੈ। ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ 20 ਤੋਂ 25 ਜੁਲਾਈ ਤੱਕ ਚਲਾਈ ਜਾਵੇਗੀ। ਇਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਖ਼ਸਰਾ ਅਤੇ ਰੂਬੇਲਾ ਵਰਗੀਆਂ ਨਾਮੁਰਾਦ ਤੇ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣਾ ਅਤੇ ਸਮੂਹਿਕ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 9 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਟੀਕੇ ਲਗਾਏ ਜਾਣਗੇ। ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਹਰੇਕ ਲੋੜਵੰਦ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ। ਸਿਹਤ ਵਿਭਾਗ ਵਲੋਂ ਟੀਕਾਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਿਹਤ ਟੀਮਾਂ ਨੂੰ ਵਿਸ਼ੇਸ਼ ਟਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖ਼ਸਰਾ ਅਤੇ ਰੂਬੇਲਾ ਦੋਵੇਂ ਹੀ ਗੰਭੀਰ ਬਿਮਾਰੀਆਂ ਹਨ, ਜਿਨ੍ਹਾਂ ਦਾ ਬੱਚਿਆਂ ਦੇ ਸਿਹਤ ’ਤੇ ਬੁਰਾ ਅਸਰ ਪੈਂਦਾ ਹੈ। ਖ਼ਸਰੇ ਕਾਰਨ ਨਮੂਨੀਆ, ਦਸਤ ਅਤੇ ਦਿਮਾਗ਼ੀ ਇਨਫੈਕਸ਼ਨ ਦਾ ਖ਼ਤਰਾ ਰਹਿੰਦਾ ਹੈ, ਜਦਕਿ ਰੂਬੇਲਾ ਗਰਭਵਤੀ ਔਰਤਾਂ ਲਈ ਘਾਤਕ ਹੋ ਸਕਦਾ ਹੈ ਅਤੇ ਨਵਜੰਮੇ ਬੱਚਿਆਂ ਵਿਚ ਜਨਮਜਾਤ ਨੁਕਸ ਪੈਦਾ ਕਰ ਸਕਦਾ ਹੈ। ਇਸ ਲਈ ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ।