ਅਬੋਹਰ, 17 ਜੁਲਾਈ (ਵਿਵੇਕ ਹੂੜੀਆ)-ਸ਼ਹਿਰ ਵਿਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ ਤਹਿਤ ਤਾਜ਼ਾ ਮਾਮਲਾ ਪੁਰਾਣੀ ਫ਼ਾਜ਼ਿਲਕਾ ਰੋਡ ਸਥਿਤ ਇਕ ਕਰਿਆਨਾ ਦੁਕਾਨ ਤੋਂ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਅਣਪਛਾਤੇ ਚੋਰਾਂ ਨੇ ਦੁਕਾਨ ਦਾ ਸ਼ਟਰ ਉਖੇੜ ਕੇ ਅੰਦਰੋਂ ਕਰੀਬ 15 ਹਜ਼ਾਰ ਰੁਪਏ ਦਾ ਸਾਮਾਨ ਅਤੇ ਨਕਦੀ ਚੋਰੀ ਕਰ ਲਈ ਅਤੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ-1 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੁਕਾਨ ਦੇ ਮਾਲਕ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਬੁੱਧਵਾਰ ਰਾਤ ਨੂੰ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਗਏ ਸਨ। ਵੀਰਵਾਰ ਸਵੇਰੇ ਜਦੋਂ ਉਹ ਦੁਕਾਨ ਖੋਲ੍ਹਣ ਪਹੁੰਚੇ ਤਾਂ ਦੇਖਿਆ ਕਿ ਸ਼ਟਰ ਇਕ ਪਾਸੇ ਤੋਂ ਉੱਖੜਿਆ ਹੋਇਆ ਸੀ। ਕਾਫ਼ੀ ਮਸ਼ੱਕਤ ਤੋਂ ਬਾਅਦ ਜਦੋਂ ਉਨ੍ਹਾਂ ਨੇ ਦੁਕਾਨ ਖੋਲ੍ਹੀ ਤਾਂ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਚੋਰ ਦੁਕਾਨ ਵਿਚੋਂ ਸਰ੍ਹੋਂ ਦੇ ਤੇਲ ਦੀ ਇਕ ਪੇਟੀ, ਚਾਹ ਪੱਤੀ ਅਤੇ ਹੋਰ ਕਰਿਆਨੇ ਦਾ ਸਾਮਾਨ ਲੈ ਗਏ। ਇਸ ਤੋਂ ਇਲਾਵਾ ਗੱਲੇ ਵਿਚ ਪਈ ਕਰੀਬ 700 ਰੁਪਏ ਦੀ ਨਕਦੀ ਵੀ ਗ਼ਾਇਬ ਸੀ। ਚੋਰੀ ਹੋਏ ਸਾਮਾਨ ਅਤੇ ਨਕਦੀ ਦੀ ਕੁੱਲ ਕੀਮਤ ਕਰੀਬ 15 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਵਲੋਂ ਦੁਕਾਨ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।