ਫ਼ਾਜ਼ਿਲਕਾ, 20 ਜੁਲਾਈ (ਦਵਿੰਦਰ ਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫ਼ਲਸਫ਼ੇ ਅਤੇ ਅਮੋਲਕ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਇਕ ਵਿਸ਼ੇਸ਼ ਦਸਤਾਵੇਜ਼ੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਲੜੀ ਤਹਿਤ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਜਿਵੇਂ ਚੱਕ ਰੁਹੇਲਾ, ਹਸਤਾ ਕਲਾਂ, ਨਵਾਂ ਹਸਤਾ, ਢਾਣੀ ਸੱਦਾ ਸਿੰਘ, ਦੋਨਾ ਨਾਨਕਾ ਅਤੇ ਤੇਜਾ ਰੁਹੇਲਾ ਵਿਖੇ ਪਿੰਡ ਵਾਸੀਆਂ ਨੂੰ ਇਹ ਡਾਕੂਮੈਂਟਰੀ ਫ਼ਿਲਮ ਵਿਖਾਈ ਗਈ। ਪਿੰਡ ਵਾਸੀਆਂ ਨੇ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਇਸ ਵਿਚ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਦੇ ਇਸ ਨਵੇਕਲੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਦਿੱਤੇ ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ, ਸੱਚ, ਕਿਰਤ-ਕਮਾਈ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਫ਼ਿਲਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਉੱਚ-ਸੁੱਚੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਇਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗੀ।