ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਸਰਹੱਦੀ ਪਿੰਡ ਰਾਣਾ ਵਿਖੇ ਸ਼੍ਰੀ ਬਾਬਾ ਖ਼ੈਜੀ ਵਾਲਾ ਪੀਰ ਜੀ ਦੀ ਯਾਦ ’ਚ ਦੋ-ਰੋਜ਼ਾ ਸਾਲਾਨਾ ਜੋੜ ਮੇਲੇ ਦੀ ਸ਼ੁਰੂਆਤ ਅਖੰਡ ਪਾਠ ਦੇ ਆਰੰਭ ਨਾਲ ਹੋਈ। ਇਸ ਮੌਕੇ ਪ੍ਰਮੁੱਖ ਸਮਾਜ ਸੇਵੀ ਕਰਨ ਗਿਲਹੋਤਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਬਾਬਾ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਨੂਰਸ਼ਾਹ, ਕਿਸਾਨ ਆਗੂ ਹਰੀਸ਼ ਨੱਢਾ, ਧੀਰਾ ਬਰਾੜ, ਪਵਨ ਭਠੇਜਾ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਮੌਜੂਦ ਸਨ। ਸੰਗਤ ਨੂੰ ਸੰਬੋਧਨ ਕਰਦਿਆਂ ਕਰਨ ਗਿਲਹੋਤਰਾ ਨੇ ਕਿਹਾ ਕਿ ਰਾਣਾ ਪਿੰਡ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਪਿੰਡ ਵਾਸੀਆਂ ਨੇ ਪਹਿਲਾਂ ਉਨ੍ਹਾਂ ਦੇ ਦਾਦਾ, ਫਿਰ ਪਿਤਾ ਅਤੇ ਹੁਣ ਉਨ੍ਹਾਂ ਨੂੰ ਵੀ ਅਥਾਹ ਪਿਆਰ ਅਤੇ ਆਸ਼ੀਰਵਾਦ ਦਿੱਤਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ ਦੇ ਵਿਕਾਸ, ਧਾਰਮਿਕ, ਸਮਾਜਿਕ ਅਤੇ ਖੇਡ ਗਤੀਵਿਧੀਆਂ ਲਈ ਹਰ ਸਮੇਂ ਹਾਜ਼ਰ ਰਹਿਣਗੇ। ਮੇਲੇ ਵਿਚ ਪੁੱਜਣ ’ਤੇ ਪਿੰਡ ਦੀ ਪੰਚਾਇਤ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।