ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੈਸ਼ਨਲ ਫੂਡ ਸਕਿਓਰਿਟੀ ਐਕਟ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਕਾਰਡਾਂ ’ਚ ਨਾਂ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਯੋਜਨਾ ਦਾ ਲਾਭ ਦੇਣ ਲਈ ਅਰਜ਼ੀਆਂ 22 ਜੁਲਾਈ ਤੋਂ 11 ਅਗਸਤ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬਿਨੈਕਾਰ ਵਿਭਾਗੀ ਵੈੱਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਨਜ਼ਦੀਕੀ ਸੇਵਾ ਕੇਂਦਰ ਜਾਂ ਸੀ.ਐੱਸ.ਸੀ.ਰਾਹੀਂ 100 ਰੁਪਏ ਪ੍ਰੋਸੈਸਿੰਗ ਫ਼ੀਸ ਨਾਲ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਵਿਭਾਗ ਦੇ ਪੋਰਟਲ ’ਤੇ ਖ਼ੁਦ ਆਨਲਾਈਨ ਅਪਲਾਈ ਕਰਨ ’ਤੇ ਕੋਈ ਫ਼ੀਸ ਨਹੀਂ ਲੱਗੇਗੀ। ਜ਼ਿਲ੍ਹਾ ਖ਼ੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਵੰਦਨਾ ਕੰਬੋਜ ਨੇ ਨਾਗਰਿਕਾਂ ਨੂੰ ਹਦਾਇਤਾਂ ਧਿਆਨ ਨਾਲ ਪੜ੍ਹ ਕੇ ਹੀ ਲੋੜੀਂਦੇ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਜਮਾਂ ਕਰਵਾਉਣ ਦੀ ਅਪੀਲ ਕੀਤੀ ਹੈ।