ਅਬੋਹਰ, 22 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੇ ਅਬੋਹਰ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਕੁੱਝ ਹੀ ਸਮੇਂ ਬਾਅਦ ਹੀ ਸੋਸ਼ਲ ਮੀਡੀਆ ’ਤੇ ਇਕ ਨਿਯੁਕਤੀ ਪੱਤਰ ਤੇਜ਼ੀ ਨਾਲ ਵਾਇਰਲ ਹੋਣ ਲੱਗਾ। ਇਸ ਪੱਤਰ ਵਿਚ ਸੁਹਾਨੀ ਡੋਡਾ ਨੂੰ ਅਬੋਹਰ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਦਾਅਵਾ ਕੀਤਾ ਗਿਆ, ਜਿਸ ਕਾਰਨ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚ ਕਾਫ਼ੀ ਚਰਚਾ ਛਿੜ ਗਈ। ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲਿਆ ਜਦੋਂ ਕੁੱਝ ਸਮਾਂ ਬਾਅਦ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਨੇ ਇਸ ਵਾਇਰਲ ਨਿਯੁਕਤੀ ਪੱਤਰ ਨੂੰ ਪੂਰੀ ਤਰ੍ਹਾਂ ਫ਼ਰਜ਼ੀ ਕਰਾਰ ਦਿੱਤਾ। ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਵਲੋਂ ਅਬੋਹਰ ਹਲਕੇ ਲਈ ਕਿਸੇ ਵੀ ਨਵੇਂ ਇੰਚਾਰਜ ਦੀ ਨਿਯੁਕਤੀ ਸੰਬੰਧੀ ਅਜੇ ਤੱਕ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੇ ਇਸ ਪੱਤਰ ਦਾ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਪਕਾਰ ਸਿੰਘ ਜਾਖੜ ਨੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਅਣਅਧਿਕਾਰਤ ਅਤੇ ਭਰਮ ਪੈਦਾ ਕਰਨ ਵਾਲੀਆਂ ਪੋਸਟਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਪਾਰਟੀ ਦੇ ਅਧਿਕਾਰਤ ਮਾਧਿਅਮਾਂ ਰਾਹੀਂ ਜਾਰੀ ਕੀਤੀ ਜਾਣਕਾਰੀ ਨੂੰ ਹੀ ਸਹੀ ਮੰਨਣ। ਇਸ ਘਟਨਾਕ੍ਰਮ ਤੋਂ ਬਾਅਦ ਅਬੋਹਰ ਦੇ ਸਿਆਸੀ ਹਲਕਿਆਂ ਵਿਚ ਚਰਚਾਵਾਂ ਦਾ ਦੌਰ ਜਾਰੀ ਹੈ ਅਤੇ ਪਾਰਟੀ ਵਰਕਰਾਂ ਵਲੋਂ ਸੋਸ਼ਲ ਮੀਡੀਆ ’ਤੇ ਵਧਾਈਆਂ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਸੀ ਪਰ ਹੁਣ ਫਿਰ ਤੋਂ ਪਾਰਟੀ ਵਰਕਰ ਅਧਿਕਾਰਤ ਐਲਾਨ ਦੀ ਉਡੀਕ ਕਰ ਰਹੇ ਹਨ।