ਫ਼ਾਜ਼ਿਲਕਾ, 26 ਜੁਲਾਈ (ਦਵਿੰਦਰ ਪਾਲ ਸਿੰਘ)-ਦਿੱਲੀ ਦੇ ਜੰਤਰ-ਮੰਤਰ ’ਤੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਚਲਾਏ ਜਾ ਰਹੇ ਅੰਦੋਲਨ ਦੀ ਸਫਲਤਾ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਖ਼ੁਸ਼ੀ ਵਿਚ ਫ਼ਾਜ਼ਿਲਕਾ ਦੇ ਘੰਟਾ ਘਰ ਚੌਂਕ ਵਿਖੇ ਵਿਦਿਆਰਥੀਆਂ, ਨੌਜਵਾਨਾਂ ਅਤੇ ਅਧਿਆਪਕਾਂ ਵਲੋਂ ਵਿਜੇ ਰੈਲੀ ਕੱਢੀ ਗਈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ , ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰ ਖੀਵਾ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ , ਅਮਨਦੀਪ ਸਿੰਘ ਅਤੇ ਪਾਰੁਲ ਆਦਿ ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸੰਘਰਸ਼ ਨੇ ਦੇਸ਼ ਭਰ ਵਿਚ ਇਕ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕੇਂਦਰ ਦੀਆਂ ਨੀਤੀਆਂ ਕਾਰਨ ਪੇਪਰ ਲੀਕ ਦੀਆਂ ਘਟਨਾਵਾਂ ਵਾਪਰੀਆਂ, ਜਿਸ ਕਾਰਨ ਕਈ ਵਿਦਿਆਰਥੀਆਂ ਨੂੰ ਆਪਣੀ ਜਾਨ ਤੱਕ ਗੁਆਉਣੀ ਪਈ। ਆਗੂਆਂ ਨੇ ਐਲਾਨ ਕੀਤਾ ਕਿ ਇਹ ਲੜਾਈ ਸਿਰਫ਼ ਅਸਤੀਫ਼ੇ ਤੱਕ ਸੀਮਤ ਨਹੀਂ ਰਹੇਗੀ, ਬਲਕਿ ਰਾਸ਼ਟਰੀ ਸਿੱਖਿਆ ਨੀਤੀ-2020 ਅਤੇ ਸਿੱਖਿਆ ਦੇ ਨਿੱਜੀਕਰਨ ਖ਼ਿਲਾਫ਼ ਵੀ ਸੰਘਰਸ਼ ਜਾਰੀ ਰਹੇਗਾ।