07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਗੱਡੀ ’ਚ ਨਸ਼ੀਲੀਆਂ ਗੋਲੀਆਂ ਰਖਵਾਉਣ ਵਾਲਾ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ * ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਥਾਣਾ ਖੂਈ ਖੇੜਾ ’ਚ ਤਾਇਨਾਤ ਕਰਮਚਾਰੀ ਕਰਨੈਲ ਸਿੰਘ ਖ਼ਿਲਾਫ਼ ਮਾਮਲਾ ਦਰਜ * ਨਸ਼ੇ ਦੇ ਮਾਮਲਿਆਂ ’ਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ-ਐੱਸ.ਐੱਸ.ਪੀ.

Ad Position 21
No active advertisement
ਅਜੀਤ ਡੈਸਕ 28-07-2026
ਫ਼ਾਜ਼ਿਲਕਾ, 27 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਪੁਲਿਸ ਵਿਭਾਗ ਵਿਚ ਇਕ ਵਾਰ ਫਿਰ ਸ਼ਿਕੰਜਾ ਕਸਦਿਆਂ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਵਿਚ ਤਾਇਨਾਤ ਪੁਲਿਸ ਕਰਮਚਾਰੀ ਕਰਨੈਲ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ ਹੈ ਕਿ ਕਰਨੈਲ ਸਿੰਘ ਨੇ ਇਕ ਮਾਮਲੇ ਵਿਚ ਇਕ ਨੌਜਵਾਨ ਦੀ ਗੱਡੀ ਵਿਚ ਨਸ਼ੀਲੀਆਂ ਗੋਲੀਆਂ ਰਖਵਾਈਆਂ ਸਨ। ਮਾਮਲਾ ਐੱਸ.ਐੱਸ.ਪੀ. ਦੇ ਧਿਆਨ ਵਿਚ ਆਉਣ ਤੋਂ ਬਾਅਦ ਉਨ੍ਹਾਂ ਤੁਰੰਤ ਜਾਂਚ ਦੇ ਆਦੇਸ਼ ਦਿੱਤੇ, ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਉਕਤ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਥਾਣਾ ਖੂਈ ਖੇੜਾ ਪੁਲਿਸ ਕੋਲ ਲੜਕਾ-ਲੜਕੀ ਦੇ ਵਿਵਾਦ ਨਾਲ ਸਬੰਧਿਤ ਇਕ ਸ਼ਿਕਾਇਤ ਆਈ ਸੀ। ਦੋਸ਼ ਹੈ ਕਿ ਇਸ ਮਾਮਲੇ ਦੀ ਤਫ਼ਤੀਸ਼ ਦੌਰਾਨ ਥਾਣਾ ਖੂਈ ਖੇੜਾ ’ਚ ਤਾਇਨਾਤ ਪੁਲਿਸ ਕਰਮਚਾਰੀ ਕਰਨੈਲ ਸਿੰਘ ਨੇ ਨੌਜਵਾਨ ਦੀ ਗੱਡੀ ਵਿਚ ਨਸ਼ੀਲੀਆਂ ਗੋਲੀਆਂ ਰਖਵਾ ਕੇ ਉਸ ਦੇ ਖ਼ਿਲਾਫ਼ ਕਾਰਵਾਈ ਕਰ ਦਿੱਤੀ ਸੀ। ਜਦੋਂ ਇਹ ਮਾਮਲਾ ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਦੇ ਧਿਆਨ ਵਿਚ ਆਇਆ ਤਾਂ ਉਨ੍ਹਾਂ ਤੁਰੰਤ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਦਿੱਤੇ। ਜਾਂਚ ਵਿਚ ਦੋਸ਼ ਸਹੀ ਪਾਏ ਜਾਣ ਤੋਂ ਬਾਅਦ ਪੁਲਿਸ ਮੁਲਾਜ਼ਮ ਕਰਨੈਲ ਸਿੰਘ ਨੂੰ ਇਸੇ ਮਾਮਲੇ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਮੁਤਾਬਿਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਨਸ਼ੇ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਵਿਚ ਪੁਲਿਸ ਵਿਭਾਗ ਦੇ ਕਈ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਕਾਰਵਾਈ ਹੋ ਚੁੱਕੀ ਹੈ। ਐੱਸ.ਐੱਸ.ਪੀ.ਨੇ ਸਾਫ਼ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਹੈ ਕਿ ਨਸ਼ੇ ਅਤੇ ਗ਼ਲਤ ਕੰਮਾਂ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ, ਚਾਹੇ ਉਹ ਪੁਲਿਸ ਵਿਭਾਗ ਦਾ ਹੀ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲਾ ਬਾਰ ਸੰਗਰੂਰ ਦੇ ਵਕੀਲਾਂ ਵਲੋਂ ਧਰਨਾ ਅਤੇ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
Ad Position 24