ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਇੱਕਜੁੱਟ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ। ਇਸ ਪ੍ਰਦਰਸ਼ਨ ’ਚ ਜ਼ਿਲ੍ਹਾ ਜਨਰਲ ਸਕੱਤਰ ਅਸ਼ਵਨੀ ਫੁਟੇਲਾ, ਭਾਜਪਾ ਮੰਡਲ ਪ੍ਰਧਾਨ ਰਮੇਸ਼ ਕਟਾਰੀਆ, ਵੰਦਨਾ ਸਾਂਗਵਾਲ, ਸੀਨੀਅਰ ਭਾਜਪਾ ਆਗੂ, ਕੌਂਸਲਰ, ਸਾਬਕਾ ’ਤੇ ਮੌਜੂਦਾ ਚੇਅਰਮੈਨ, ਯੂਥ ਆਗੂ ਅਤੇ ਵੱਡੀ ਗਿਣਤੀ ’ਚ ਵਰਕਰ ਸ਼ਾਮਿਲ ਹੋਏ। ਮੀਟਿੰਗ ਅਤੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲੇ, ਵੱਖ-ਵੱਖ ਵਰਗਾਂ ਵਲੋਂ ਕੀਤੇ ਜਾ ਰਹੇ ਧਰਨੇ-ਪ੍ਰਦਰਸ਼ਨ ਅਤੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਨੇ ਰਾਜ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ, ਕਰਮਚਾਰੀ, ਕਿਸਾਨ, ਮਜ਼ਦੂਰ ਅਤੇ ਹਰ ਵਰਗ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੈ, ਜੋ ਕਿ ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਨੂੰ ਦਰਸਾਉਂਦਾ ਹੈ। ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਕਰਮਚਾਰੀਆਂ ’ਤੇ ਲਾਠੀਚਾਰਜ ਕਰਨਾ ਲੋਕਤੰਤਰੀ ਮੁੱਲਾਂ ਦੇ ਬਿਲਕੁਲ ਉਲਟ ਹੈ। ਭਾਜਪਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਪਾਰਟੀ ਆਉਣ ਵਾਲੇ ਸਮੇਂ ਵਿਚ ਇਸ ਅੰਦੋਲਨ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਖੇਤੀਬਾੜੀ ਵਿਕਾਸ ਬੈਂਕ ਫ਼ਾਜ਼ਿਲਕਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਭਾਜਪਾ ਆਗੂ ਰਾਣਾ ਰਾਜਿੰਦਰ ਸਿੰਘ ਜਮਾਲ ਕੇ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਰਮਚਾਰੀਆਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਭਾਰਤੀ ਜਨਤਾ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਅਸ਼ਵਨੀ ਫੁਟੇਲਾ ਤੋਂ ਇਲਾਵਾ ਯੂਥ ਮੋਰਚਾ ਦੇ ਅਹੁਦੇਦਾਰ, ਸ਼ਹਿਰ ਦੇ ਪਤਵੰਤੇ ਸੱਜਣ ਅਤੇ ਭਾਜਪਾ ਦੇ ਸੈਂਕੜੇ ਵਰਕਰ ਹਾਜ਼ਰ ਸਨ।