ਫ਼ਾਜ਼ਿਲਕਾ, 28 ਜੁਲਾਈ (ਦਵਿੰਦਰ ਪਾਲ ਸਿੰਘ)-ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ (ਰਜਿ. 26) ਬਰਾਂਚ ਫ਼ਾਜ਼ਿਲਕਾ ਦੀ ਅਹਿਮ ਮੀਟਿੰਗ ਬਰਾਂਚ ਪ੍ਰਧਾਨ ਮੰਗਤ ਰਾਮ ਅਤੇ ਜ਼ਿਲ੍ਹਾ ਇੰਚਾਰਜ ਗੁਰਪ੍ਰੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੂਬਾ ਮੁੱਖ ਸਲਾਹਕਾਰ ਰਾਜਿੰਦਰ ਛਾਪੋਲਾ ਉਚੇਚੇ ਤੌਰ ’ਤੇ ਪਹੁੰਚੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਿੰਦਰ ਛਾਪੋਲਾ ਅਤੇ ਗੁਰਪ੍ਰੀਤ ਕੁਮਾਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪਿਛਲੇ 15-20 ਸਾਲਾਂ ਤੋਂ ਕੰਮ ਕਰ ਰਹੇ ਇਨਲਿਸਟਮੈਂਟ ਵਰਕਰਾਂ ਨੂੰ ਪੱਕਾ ਕਰਨ ਦੇ ਝੂਠੇ ਭਰੋਸੇ ਦੇ ਕੇ ਗੁਮਰਾਹ ਕਰ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 30 ਜੁਲਾਈ ਤੱਕ 2800 ਵਰਕਰਾਂ ਨੂੰ ਬਿਨਾਂ ਕਿਸੇ ਸ਼ਰਤ ਵਿਭਾਗ ਵਿਚ ਸ਼ਾਮਲ ਕਰਕੇ ਪੱਕਾ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਪੰਜਾਬ ਭਰ ਦੇ ਵਰਕਰ 3 ਅਗਸਤ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਅਤੇ ਜਲ ਸਪਲਾਈ ਮੰਤਰੀ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਮਸਲਾ ਹੱਲ ਨਹੀਂ ਹੋਇਆ, ਜਿਸ ਕਾਰਨ ਵਰਕਰਾਂ ਵਿਚ ਭਾਰੀ ਰੋਸ ਹੈ। ਇਸ ਮੌਕੇ ਮੱਖਣ ਲਾਲ, ਸੁਨੀਲ ਕੁਮਾਰ, ਹਰਬੰਸ ਘੜੁੰਮੀ, ਵਿਕਰਮ ਕੁਮਾਰ, ਗੁਰਦਿੱਤ ਸਿੰਘ, ਮਲਕੀਤ ਸਿੰਘ ਅਤੇ ਰਮਨ ਕੁਮਾਰ ਆਦਿ ਹਾਜ਼ਰ ਸਨ।