ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ
ਅਜੀਤ ਡੈਸਕ
30-07-2026
ਫ਼ਾਜ਼ਿਲਕਾ, 29 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਡੀ.ਐੱਸ.ਪੀ ਲਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰੌਬਿਨ ਕੁਮਾਰ ਪੁੱਤਰ ਜੀਤ ਸਿੰਘ ਵਾਸੀ ਚੱਕ ਮੰਨੇ ਵਾਲਾ ਰੋਡ ਨੇੜੇ ਉਡਾਂਗ ਪੈਲੇਸ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਲ ਚੰਦ ਪੁੱਤਰ ਜਾਨੂ ਰਾਮ, ਰਮਨ ਕੁਮਾਰ ਪੁੱਤਰ ਲਾਲ ਚੰਦ, ਡੇਵਿਡ ਮਸੀਹ ਪੁੱਤਰ ਲਾਲ ਚੰਦ ਅਤੇ ਰਿਤੂ ਰਾਣੀ ਪਤਨੀ ਰਮਨ ਕੁਮਾਰ ਵਾਸੀ ਲੱਲਾ ਬਸਤੀ ਜਲਾਲਾਬਾਦ ਨੇ ਆਪਸ ਵਿਚ ਮਿਲੀਭੁਗਤ ਕਰਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ ਪੈਸੇ ਲੈ ਲਏ। ਨਾ ਤਾਂ ਵੀਜ਼ਾ ਲਗਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਾਂਚ ਉਪਰੰਤ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਹੈਰੋਇਨ ਸਮੇਤ 2 ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਪਿੰਡ ਘੁਬਾਇਆ ਕੋਲ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਰਵੀ ਪੁੱਤਰ ਮਨਜੀਤ ਸਿੰਘ ਵਾਸੀ ਢਾਣੀ ਮੌਜ਼ੇ ਵਾਲੀ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਤਰ੍ਹਾਂ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਲਾਧੂਕਾ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਲਾਧੂਕਾ ਲਿੰਕ ਰੋਡ ’ਤੇ ਇਕ ਵਿਅਕਤੀ ਪੱਕੀ ਨਹਿਰ ਕੋਲੋਂ ਆਉਂਦਾ ਦਿਖਾਈ ਦਿੱਤਾ। ਪੁਲਿਸ ਨੂੰ ਦੇਖ ਕੇ ਉਸ ਨੇ ਇਕ ਲਿਫ਼ਾਫ਼ਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਕਾਬੂ ਕਰ ਲਿਆ। ਲਿਫ਼ਾਫ਼ੇ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ 12 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਦੀਨ ਦਿਆਲ ਪੁੱਤਰ ਰਾਮ ਲਾਲ ਵਾਸੀ ਪੈਂਚਾ ਵਾਲੀ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀ ਕਾਬੂ
ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਮਹੂਆਣਾ ਬੋਦਲਾ ਬੱਸ ਅੱਡੇ ਕੋਲ ਗਸ਼ਤ ਕਰ ਰਹੀ ਸੀ। ਇਸ ਦੌਰਾਨ 2 ਨੌਜਵਾਨ ਪੈਦਲ ਜਾਂਦੇ ਦਿਖਾਈ ਦਿੱਤੇ, ਜਿਨ੍ਹਾਂ ’ਤੇ ਸ਼ੱਕ ਹੋਣ ਕਾਰਨ ਉਨ੍ਹਾਂ ਨੂੰ ਕਾਬੂ ਕਰਕੇ ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਡੋਪ ਟੈੱਸਟ ਕਰਵਾਇਆ ਗਿਆ। ਟੈੱਸਟ ਪਾਜ਼ੀਟਿਵ ਆਉਣ ’ਤੇ ਗੁਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਅਤੇ ਕੁਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮਹੂਆਣਾ ਬੋਦਲਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ, ਚਾਲਕ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਟਰੱਕ ਚਲਾ ਕੇ ਮੋਟਰਸਾਈਕਲ ਸਵਾਰ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜੈਵੀਰ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਕਾਸ਼ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਅਰਨੀਵਾਲਾ ਸ਼ੇਖਸੁਭਾਨ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 28 ਜੁਲਾਈ ਨੂੰ ਉਹ ਆਪਣੇ ਘਰ ਤੋਂ ਮੋਟਰਸਾਈਕਲ ’ਤੇ ਪੈਟਰੋਲ ਪੰਪ ਤੋਂ ਤੇਲ ਪਵਾਉਣ ਲਈ ਜਾ ਰਿਹਾ ਸੀ। ਜਦੋਂ ਉਹ ਟਾਈਲਾਂ ਵਾਲੀ ਫ਼ੈਕਟਰੀ ਕੋਲ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਨੇੜੇ ਪੁੱਜਿਆ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ, ਜਿਸ ਨੂੰ ਸਵਰਨ ਸਿੰਘ ਪੁੱਤਰ ਰਤਨ ਸਿੰਘ ਵਾਸੀ ਟੀਚਰ ਕਾਲੋਨੀ ਬਠਿੰਡਾ ਚਲਾ ਰਿਹਾ ਸੀ, ਨੇ ਲਾਪਰਵਾਹੀ ਨਾਲ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਪ੍ਰਕਾਸ਼ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਫ਼ਾਜ਼ਿਲਕਾ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਬਠਿੰਡਾ ਦੇ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ, ਜਿੱਥੇ ਉਹ ਇਲਾਜ ਅਧੀਨ ਹੈ। ਜ਼ਖ਼ਮੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਸਵਰਨ ਸਿੰਘ ਪੁੱਤਰ ਰਤਨ ਸਿੰਘ ਵਾਸੀ ਟੀਚਰ ਕਾਲੋਨੀ ਬਠਿੰਡਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਤਿਗੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਨੀਤਾ ਪਤਨੀ ਅਜੈ ਕੁਮਾਰ ਵਾਸੀ ਕੈਲਾਸ਼ ਨਗਰ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਾਤ ਸਮੇਂ ਉਸ ਦੇ ਘਰ ਵਿਚੋਂ 10,000 ਰੁਪਏ ਨਕਦੀ, 3 ਤੋਲੇ ਸੋਨੇ ਦੇ ਗਹਿਣੇ ਅਤੇ ਲਗਭਗ 8 ਤੋਂ 10 ਤੋਲੇ ਚਾਂਦੀ ਦੇ ਗਹਿਣੇ ਚੋਰੀ ਹੋ ਗਏ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਡੋਪ ਟੈਸਟ ਪਾਜ਼ੀਟਿਵ ਆਉਣ ’ਤੇ ਵਿਅਕਤੀ ਕਾਬੂ
ਫ਼ਾਜ਼ਿਲਕਾ-ਥਾਣਾ ਸਦਰ ਅਬੋਹਰ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਲੇਡੀ ਹੈੱਡ ਕਾਂਸਟੇਬਲ ਮੰਜੂ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਬਹਾਵਵਾਲਾ ਤੋਂ ਕਾਲਾ ਟਿੱਬਾ ਵੱਲ ਜਾਂਦੇ ਸਮੇਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਚੈੱਕ ਕੀਤਾ ਗਿਆ। ਪੁਲਿਸ ਨੂੰ ਸ਼ੱਕ ਹੋਣ ’ਤੇ ਉਸ ਦਾ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਅਜੈ ਕੁਮਾਰ ਪੁੱਤਰ ਕਾਲੂ ਰਾਮ ਵਾਸੀ ਕਾਲਾ ਟਿੱਬਾ ਤਹਿਸੀਲ ਅਬੋਹਰ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ
ਫ਼ਾਜ਼ਿਲਕਾ-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਆਬਕਾਰੀ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਇਕ ਔਰਤ ਕੱਚੇ ਰਸਤੇ ’ਤੇ ਸ਼ਰਾਬ ਲੈ ਕੇ ਗਾਹਕਾਂ ਦੀ ਉਡੀਕ ਕਰ ਰਹੀ ਹੈ। ਇਤਲਾਹ ਦੇ ਆਧਾਰ ’ਤੇ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ ਤਾਂ ਇਕ ਔਰਤ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਪਲਾਸਟਿਕ ਦੀ ਕੈਂਨੀ ਵਿਚੋਂ ਸਾਢੇ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਕਾਬੂ ਕੀਤੀ ਔਰਤ ਦੀ ਪਛਾਣ ਰੇਸ਼ਮਾ ਰਾਣੀ ਪਤਨੀ ਸਵਰਗੀ ਰੰਗਪਾਲ ਵਾਸੀ ਤੂਤਵਾਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।