ਜਲਾਲਾਬਾਦ, 31 ਜੁਲਾਈ (ਜਤਿੰਦਰ ਪਾਲ ਸਿੰਘ)- ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦਰਮਿਆਨ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਗਈ ਕਾਰਵਾਈ ਨੇ ਬਲਦੀ ’ਤੇ ਤੇਲ ਦਾ ਕੰਮ ਕੀਤਾ ਹੈ। ਇਹ ਪ੍ਰਗਟਾਵਾ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਆਗੂਆਂ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਸੁਨਾਮ ਵਿਖੇ ਕੈਬਨਿਟ ਮੰਤਰੀ ਅਤੇ ਆਪ ਦੇ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਨੂੰ ਨਾਕਾਮ ਕਰਨ ਲਈ ਪੁਲਿਸ ਵਲੋਂ ਤੜਕੇ ਹੀ ਕਈ ਮੁੱਖ ਅਧਿਆਪਕ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ, ਜਿਸ ਤੋਂ ਬਾਅਦ ਕੰਪਿਊਟਰ ਫੈਕਲਟੀ ਐਸੋਸੀਏਸ਼ਨ ਨੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਐਸੋਸੀਏਸ਼ਨ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਅਧਿਆਪਕਾਂ ਦੇ ਸਬਰ ਨੂੰ ਪਰਖ ਰਹੀ ਹੈ, ਜਿਸ ਦਾ ਨਤੀਜਾ ਜਲਦ ਹੀ ਸੰਗਰੂਰ ਦੀ ਧਰਤੀ ’ਤੇ ਵੇਖਣ ਨੂੰ ਮਿਲੇਗਾ। ਆਗੂਆਂ ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਜਸਪਾਲ ਫ਼ਤਿਹਗੜ੍ਹ ਸਾਹਿਬ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ, ਦਵਿੰਦਰ ਪਾਠਕ, ਰਾਕੇਸ਼ ਸੈਣੀ ਅਤੇ ਊਧਮ ਸਿੰਘ ਡੋਗਰਾ ਨੇ ਦੱਸਿਆ ਕਿ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜੋਨੀ ਸਿੰਗਲਾ, ਪਰਮਵੀਰ ਸਿੰਘ ਪੰਮੀ ਸਮੇਤ ਕਈ ਆਗੂਆਂ ਨੂੰ ਸਵੇਰੇ ਤੜਕੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਜੋ ਉਹ ਸੁਨਾਮ ਵਿਖੇ ਹੋਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਿਲ ਨਾ ਹੋ ਸਕਣ। ਯੂਨੀਅਨ ਨੇ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਇਹ ਲੋਕਤੰਤਰੀ ਢੰਗ ਨਾਲ ਆਪਣੀਆਂ ਹੱਕੀ ਮੰਗਾਂ ਉਠਾਉਣ ਦੇ ਅਧਿਕਾਰ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਹੈ।