ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀਤੇ ਦਿਨ ਨਗਰ ਕੌਂਸਲ ਦਫ਼ਤਰ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਿਧਾਇਕ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਵਨਾ ਨੇ ਦੱਸਿਆ ਕਿ ਪ੍ਰਾਪਰਟੀ ਲੀਡਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਕਲੈਕਟਰ ਰੇਟ ਨਾ ਵਧਾਉਣ ਦੀ ਮੰਗ ਰੱਖੀ ਗਈ ਸੀ, ਜਿਸ ਸੰਬੰਧੀ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹਿਰ ਦੀਆਂ 80 ਫ਼ੀਸਦੀ ਮੇਨ ਸੜਕਾਂ ਬਣ ਕੇ ਤਿਆਰ ਹੋ ਚੁੱਕੀਆਂ ਹਨ ਅਤੇ ਵਾਰਡਾਂ ਵਿਚ ਇੰਟਰਲਾਕ ਗਲੀਆਂ ਤੇ ਪਾਰਕ ਬਣਾਏ ਗਏ ਹਨ। ਸ਼ਹਿਰ ਨੂੰ ਹਰਾ-ਭਰਾ ਬਣਾਉਣ ਲਈ ਡਿਵਾਈਡਰਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਸਿਹਤ ਸਹੂਲਤਾਂ ਬਾਰੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਸੀ.ਟੀ. ਸਕੈਨ, 4 ਡਾਇਲੈਸਿਸ ਮਸ਼ੀਨਾਂ ਅਤੇ ਵੱਖ-ਵੱਖ ਬਿਮਾਰੀਆਂ ਦੇ ਲਗਭਗ 50 ਡਾਕਟਰ ਤਾਇਨਾਤ ਕੀਤੇ ਗਏ ਹਨ, ਜਿੱਥੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਤੇ ਦਵਾਈਆਂ ਮਿਲ ਰਹੀਆਂ ਹਨ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ’ਚ ਮੌਜੂਦ ਸਨ।